ਢੀਂਡਸਾ ਵੱਲੋਂ ਪਸ਼ਚਾਤਾਪ ਸਬੰਧੀ ਬਿਆਨ ’ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘਟਣ ਸਬੰਧੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਸ਼ਚਾਤਾਪ ਵਜੋਂ
ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਜਿੰਨਾ ਚਿਰ ਇਸ ਦੀ ਜਾਂਚ ਮੁਕੰਮਲ ਨਹੀਂ ਹੋ ਜਾਂਦੀ, ਓਨਾ ਚਿਰ ਇਸ ’ਤੇ ਕਿਸੇ ਨੂੰ ਵੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿੱਚ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਸੀ, ਜਿਸ ਅਨੁਸਾਰ ਜਥੇਦਾਰ ਸਾਹਿਬ ਨੇ ਹਾਈਕੋਰਟ ਦੇ ਸੇਵਾ ਮੁੱਕਤ ਜੱਜ ਨੂੰ ਜਾਂਚ ਸੌਂਪੀ ਹੈ।ਜਾਂਚ ਰਿਪੋਰਟ ਆਉਣ ਤੱਕ ਕਿਸੇ ਨੂੰ ਵੀ ਬੋਲਣਾ ਨਹੀਂ ਚਾਹੀਦਾ।ਉਨ੍ਹਾਂ ਕਿਹਾ ਕਿ ਢੀਂਡਸਾ ਮਾਮਲੇ ਨੂੰ ਰਾਜਸੀ ਰੰਗਤ ਦੇ ਰਹੇ ਹਨ। ਜਦੋਂ ਸ਼੍ਰੋਮਣੀ ਕਮੇਟੀ ਨੇ ਨਿਰਪੱਖ ਜਾਂਚ ਕਰਵਾਉਣ ਦਾ ਫੈਸਲਾ ਲਿਆ ਹੈ ਤਾਂ ਫਿਰ ਸਭ ਨੂੰ ਉਡੀਕ ਕਰਨੀ ਚਾਹੀਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਹ ਬੇਅਦਬੀ ਦਾ ਮਾਮਲਾ ਨਹੀਂ, ਸਗੋਂ ਅਣਗਹਿਲੀ ਹੈ।ਇਸ ਲਈ ਜਾਣਬੁੱਝ ਕੇ ਮਾਮਲੇ ਨੂੰ ਉਲਝਾਉਣਾ ਸਿਆਣਪ ਨਹੀਂ।ਖਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਜਾਂਚ ਮੁਕੰਮਲ ਹੋਣ ਤੱਕ ਸਾਰੀਆਂ ਧਿਰਾਂ ਵਲੋਂ ਬਿਆਨਬਾਜ਼ੀ ਕਰਨ ’ਤੇ ਰੋਕ ਲਗਾਉਣ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media