ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ
ਲੁਧਿਆਣਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19
ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 550 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 69 ਨਵੇਂ ਮਾਮਲੇ ਸਾਹਮਣੇ ਆਏ ਹਨ।
ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਇਸ ਕੋਰੋਨਾ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 50429 ਨਮੂਨੇ ਲਏ ਗਏ ਹਨ।ਪ੍ਰਾਪਤ ਹੋਈਆਂ 49045 ਰਿਪੋਰਟਾਂ ਵਿਚੋਂ 46895 ਨਤੀਜੇ ਨੈਗੇਟਿਵ ਆਏ ਹਨ, ਜਦਕਿ 1384 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1839 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 311 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 47 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 33 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 17909 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2879 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 243 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰ੍ਹਾਂ ਅੱਜ ਵੀ 1057 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
Punjab Post Daily Online Newspaper & Print Media