ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ
ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੇਵਾਮੁਕਤ ਸਿੱਖ ਜੱਜ ਬੀਬੀ ਨਵਿਤਾ ਸਿੰਘ ਦੀ ਅਗਵਾਈ ਵਿਚ ਬਣਾਈ ਜਾਂਚ ਕਮੇਟੀ ਦਾ ਸਵਾਗਤ ਕਰਦੀ ਹੈ ਅਤੇ ਜਾਂਚ ਦੌਰਾਨ ਸਹਿਯੋਗ ਵਜੋਂ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇਗਾ।ਇਸ ਸਬੰਧ ਵਿਚ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਲਈ ਸੰਜ਼ੀਦਾ ਹੈ। ਇਸੇ ਲਈ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਬਕਾ ਸੀਨੀਅਰ ਸਿੱਖ ਜੱਜ ਪਾਸੋਂ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਗਈ ਸੀ।ਜਥੇਦਾਰ ਸਾਹਿਬ ਨੇ ਹਾਈਕੋਰਟ ਦੇ ਸਾਬਕਾ ਜੱਜ ਨੂੰ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਹੈ।
ਲੌਂਗੋਵਾਲ ਨੇ ਕਿਹਾ ਕਿ ਇਹ ਮਾਮਲਾ ਧਾਰਮਿਕ ਹੈ, ਜਿਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਬਿਆਨਬਾਜ਼ੀ ਠੀਕ ਨਹੀਂ।ਉਨ੍ਹਾਂ ਰਾਜਸੀ ਧਿਰਾਂ ਨੂੰ ਇਸ ਮਾਮਲੇ ’ਤੇ ਜਾਂਚ ਰਿਪੋਰਟ ਆਉਣ ਤੱਕ ਬਿਆਨਬਾਜ਼ੀ ਨਾ ਕਰਨ ਦੀ ਅਪੀਲ ਕੀਤੀ।ਲੌਂਗੋਵਾਲ ਨੇ ਇਹ ਵੀ ਕਿਹਾ ਕਿ ਜਾਂਚ ਰਿਪੋਰਟ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਸ਼੍ਰੋਮਣੀ ਕਮੇਟੀ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਦੋਸ਼ੀ ਭਾਵੇਂ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media