ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕਾਂਗਰਸ ਦੇ
ਪ੍ਰਧਾਨ ਸੁਨੀਲ ਜਾਖੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸੀਹਤ ਦੇਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਹਨ, ਜਿਸ ਦੇ ਜਥੇਦਾਰ ਸਾਹਿਬ ਬਾਰੇ ਕੋਈ ਵੀ ਗੱਲ ਕਰਨ ਤੋਂ ਪਹਿਲਾਂ ਕਾਂਗਰਸ ਦੇ ਆਗੂ ਆਪਣੀ ਪਾਰਟੀ ਦੇ ਸਿੱਖਾਂ ਪ੍ਰਤੀ ਕਿਰਦਾਰ ਨੂੰ ਸਾਹਮਣੇ ਰੱਖਣ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢੇਹ-ਢੇਰੀ ਕਰਨ ਅਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਜਮਾਤ ਦੇ ਸੂਬਾ ਪ੍ਰਧਾਨ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਦੇ ਜਥੇਦਾਰ ਨੂੰ ਨਸੀਹਤ ਕਰਨਾ ਬੇਤੁਕਾ ਹੈ।ਜਾਖੜ ਪਿਤਾ ਪੁਰਖੀ ਕਾਂਗਰਸੀ ਹੈ ਅਤੇ ਉਸ ਨੂੰ ਸਾਕਾ ਨੀਲਾ ਤਾਰਾ ਸਮੇਂ ਕੇਂਦਰ ਦੀ ਕਾਂਗਰਸ ਸਰਕਾਰ ਨੂੰ ਨਸੀਹਤ ਦੇਣੀ ਚਾਹੀਦੀ ਸੀ। ਉਨ੍ਹਾਂ ਜਾਖੜ ਨੂੰ ਸੁਝਾਅ ਦਿੱਤਾ ਕਿ ਉਹ ਹੁਣ ਵੀ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੂੰ 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਲਈ ਮੁਆਫ਼ੀ ਮੰਗਣ ਲਈ ਨਸੀਹਤ ਦੇਣ। ਦਿੱਲੀ, ਕਾਨ੍ਹਪੁਰ ਅਤੇ ਬੋਕਾਰੋ ਆਦਿ ਸ਼ਹਿਰਾਂ ਵਿਚ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤੀ ਸਿੱਖਾਂ ਦੀ ਨਸਲਕੁਸ਼ੀ ਦੇ ਜ਼ਖ਼ਮ ਅਜੇ ਤੀਕ ਭਰੇ ਨਹੀਂ ਹਨ।ਉਨ੍ਹਾਂ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲਅੰਦਾਜ਼ੀ ਨਾ ਕਰਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media