Wednesday, April 15, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਗੀਤ ਗਾਇਨ ਪ੍ਰਤੀਯੋਗਤਾ ਹੋਈ ਸ਼ੁਰੂ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਅੱਜ ਤੋਂ ਸ਼ੁਰੂ ਹੋ ਗਈ ਹੈ।
               ਜਿਲ੍ਹਾ ਸਿੱਖਿਆ ਅਫਸਰ (ਸੈ.) ਸਤਿੰਦਰਬੀਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ, ਜਿੰਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰਨਗੇ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ।ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਅਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਿਤ ਪੇਸ਼ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ।ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
                  ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਸੈ.) ਮੈਡਮ ਆਦਰਸ਼ ਸ਼ਰਮਾ ਤੇ ਜਿਲ੍ਹਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵਲੋਂ ਵੱਡਾ ਹੁੰਗਾਰਾ ਮਿਲੇਗਾ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …