Thursday, December 12, 2024

ਲੌਂਗੋਵਾਲ ਨੇ ਆਨਲਾਈਨ ਗੱਤਕਾ ਮੁਕਾਬਲਿਆਂ ਦੌਰਾਨ ਜੇਤੂ ਰਹੀਆਂ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਆਨਲਾਈਨ ਗੱਤਕਾ ਮੁਕਾਬਲੇ ਕਰਵਾਉਣ ਦਾ ਵਿਲੱਖਣ ਉਪਰਾਲਾ ਕੀਤਾ ਗਿਆ ਹੈ।ਇਸ ਤਹਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਦੌਰਾਨ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਗੱਤਕਾ ਟੀਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।
                  ਪਹਿਲੇ ਸਥਾਨ ’ਤੇ ਰਹੇ ਬਾਬਾ ਬਿਧੀ ਚੰਦ ਗੱਤਕਾ ਅਖਾੜਾ ਅੰਮ੍ਰਿਤਸਰ ਨੂੰ 5100 ਰੁਪਏ, ਦੂਜੇ ਸਥਾਨ ’ਤੇ ਰਹੇ ਨਿਰਵੈਰ ਖ਼ਾਲਸਾ ਗੱਤਕਾ ਅਖਾੜਾ ਰਾਜਪੁਰਾ ਨੂੰ 3100 ਰੁਪਏ ਅਤੇ ਤੀਜੇ ਸਥਾਨ ’ਤੇ ਆਈ ਦਸਮੇਸ਼ ਗੱਤਕਾ ਅਕੈਡਮੀ ਤਲਵੰਡੀ ਸਾਬੋ ਦੀ ਟੀਮ ਨੂੰ 2100 ਰੁਪਏ ਦਾ ਇਨਾਮ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਗੱਤਕਾ ਟੀਮਾਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਾਰਸ਼ਲ ਆਰਟ ਗੱਤਕਾ ਸਿੱਖ ਕੌਮ ਦੀ ਵਿਰਾਸਤ ਹੈ। ਇਹ ਪ੍ਰੰਪਰਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚਲਦੀ ਆ ਰਹੀ ਹੈ।ਵਰਤਮਾਨ ਸਮੇਂ ਕੋਰੋਨਾ ਮਹਾਮਾਰੀ ਕਾਰਨ ਗੱਤਕੇ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 6-6 ਮੈਂਬਰਾਂ ’ਤੇ ਅਧਾਰਿਤ ਵੱਖ-ਵੱਖ ਟੀਮਾਂ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਗੱਤਕਾ ਪ੍ਰਦਰਸ਼ਨ ਵਿਚ ਭਾਗ ਲਿਆ। ਇਸ ਵਿਚ ਜੇਤੂ ਰਹੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ ਹਨ ਅਤੇ ਇਸ ਤੋਂ ਇਲਾਵਾ ਭਾਗ ਲੈਣ ਵਾਲੀਆਂ ਟੀਮਾਂ ਦੀ ਵੀ ਹੌਂਸਲਾ ਅਫਜਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਵੀ ਗੱਤਕਾ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਛੁੱਟੀ ਸਮੇਂ ਇੱਕ ਘੰਟੇ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਤਕਾ ਕੋਚ ਮੁਲਾਜ਼ਮਾਂ ਨੂੰ ਗੱਤਕਾ ਸਿਖਲਾਈ ਦੇਣਗੇ।
                   ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ ਕੰਗ, ਹਰਜੀਤ ਸਿੰਘ ਲਾਲੂਘੁੰਮਣ, ਦਰਸ਼ਨ ਸਿੰਘ ਪੀ.ਏ, ਗੱਤਕਾ ਕੋਚ ਸੁਪ੍ਰੀਤ ਸਿੰਘ ਆਦਿ ਮੌਜੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …