ਧੂਰੀ, 26 ਜੁਲਾਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸਖਤੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ
ਦੀ ਚਲਾਨ ਰਾਸ਼ੀ ਵਿੱਚ ਕੀਤੇ ਭਾਰੀ ਵਾਧੇ ਨੇ ਹੁਣ ਆਮ ਲੋਕਾਂ ਦੀ ਜੇਬ ‘ਤੇ ਵੱਡਾ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ।ਅੱਜ ਧੂਰੀ ਦੀ ਟ੍ਰੈਫਿਕ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟਦਿਆਂ ਜਿੱਥੇ ਉਹਨਾਂ ਨੂੰ 500 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਜੁਰਮਾਨਾ ਕੀਤਾ ਗਿਆ, ਉੱਥੇ ਹੀ ਇਹਨਾਂ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਦਿਆਂ ਆਪਣੇ ਵੱਲੋਂ ਮੁਫਤ ਮਾਸਕ ਵੀ ਵੰਡੇ।
ਪੀ.ਸੀ.ਆਰ ਇੰਚਾਰਜ਼ ਸਬ ਇੰਸਪੈਕਟਰ ਸ਼ਾਮ ਲਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਨੂੰ ਸਖਤੀ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਦੇ ਚੱਲਦਿਆਂ ਨਾਕਾਬੰਦੀ ਕਰਕੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਮਾਸਕ ਵੰਡ ਕੇ ਉਹਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸੰਜੇ ਕੁਮਾਰ ਤੇ ਸਤਨਾਮ ਸਿੰਘ ਵੀ ਹਾਜ਼ਰ ਸਨ।