Monday, February 2, 2026

ਪੰਜਾਬ ਸਰਕਾਰ ਕੋਵਿਡ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਵਿਨੀ ਮਹਾਜਨ

ਮੁੱਖ ਸਕੱਤਰ ਵਲੋਂ ਸੰਗਰੂਰ ਜ਼ਿਲ੍ਹੇ ਦੀਆਂ ਮੈਡੀਕਲ ਤਿਆਰੀਆਂ ਦਾ ਜਾਇਜ਼ਾ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਸੂਬੇ ਭਰ ਦੇ ਨਾਲ-ਨਾਲ ਸੰਗਰੂਰ ਜ਼ਿਲ੍ਹੇ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਸੂਬੇ ਦੇ ਹਸਪਤਾਲਾਂ ਵਿੱਚ ਬਿਸਤਰਿਆਂ, ਵੈਂਟੀਲੇਟਰਾਂ ਦੀ ਲੋੜੀਂਦੀ ਸਮਰੱਥਾ ਤੋਂ ਇਲਾਵਾ ਪੀ.ਪੀ.ਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਢੁੱਕਵਾਂ ਪ੍ਰਬੰਧ ਹੈ।ਮੁੱਖ ਸਕੱਤਰ ਨੇ ਦੱਸਿਆ ਕਿ ਹਾਲਾਂਕਿ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।ਉਨ੍ਹਾਂ ਨੇ ਲੋਕਾਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਪੋ੍ਰਟੋਕੋਲ ਜਿਵੇਂ ਸਮਾਜਿਕ ਦੂਰੀ, ਸਹੀ ਤਰ੍ਹਾਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
                   ਮੁੱਖ ਸਕੱਤਰ, ਜੋ ਸੂਬੇ ਦੇ ਬੇਹੱਦ ਅਹਿਮ ਕੋਵਿਡ-19 ਮੈਨੇਜਮੈਂਟ ਗਰੁੱਪ ਦੇ ਮੁਖੀ ਵੀ ਹਨ, ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫਸਰ ਨਿਯੁੱਕਤ ਕਰਨ ਤੋਂ ਇਲਾਵਾ ਸੀਨੀਅਰ ਆਈ.ਏ.ਐਸ ਅਧਿਕਾਰੀਆਂ ਸੁਮਿਤ ਜਾਰੰਗਲ ਅਤੇ ਤਨੂ ਕਸ਼ਿਅਪ ਨੂੰ ਕੋਵਿਡ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ `ਤੇ ਨਿਗਰਾਨੀ ਕਰਨ ਲਈ ਸਟੇਟ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਲੋੜੀਂਦਾ ਮੈਡੀਕਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਇਆ ਜਾ ਸਕੇ।ਇਹ ਗਰੁੱਪ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਰੋਜ਼ਾਨਾ ਆਧਾਰ `ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਦੇ ਨਿਰਦੇਸ਼ਾਂ `ਤੇ ਬਣਾਇਆ ਗਿਆ ਹੈ।ਇਹ ਸਾਰੇ ਵਿਭਾਗਾਂ ਅਤੇ ਸਬੰਧਤ ਧਿਰਾਂ ਦੇ ਸਹਿਯੋਗੀ ਯਤਨਾਂ ਨੂੰ ਯਕੀਨੀ ਬਣਾਉਣ ਵਾਲਾ ਗਰੁੱਪ ਹੈ।
                ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ ਤਾਂ ਜੋ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਬਿਸਤਰਿਆਂ ਦੀ ਉਪਲਬਧਤਾ ਨੂੰ ਵਧਾਇਆ ਜਾ ਸਕੇ।ਜਿਸ ਦੇ ਨਤੀਜੇ ਵਜੋਂ ਹੁਣ ਤੱਕ ਲਗਭਗ 2000 ਬਿਸਤਰਿਆਂ ਦੀ ਉਪਲੱਬਧਾ ਯਕੀਨੀ ਬਣਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਾਟਸਪੌਟ ਵਾਲੇ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਟੈਸਟਿੰਗ ਕਰਨ ਦਾ ਅਮਲ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ।
                 ਵਿਨੀ ਮਹਾਜਨ ਨੇ ਦਸਿਆ ਕਿ ਲੈਵਲ 2 ਅਤੇ 3 ਸਹੂਲਤਾਂ ਲਈ ਸੂਬੇ ਭਰ ਵਿਚ 5000 ਬਿਸਤਰੇ ਪਹਿਲਾਂ ਹੀ ਉਪਲੱਬਧ ਹਨ। ਹਰੇਕ ਜ਼ਿਲ੍ਹੇ ਵਿਚ ਮੈਡੀਕਲ ਮਾਹਿਰਾਂ ਦਾ ਇਕ ਸਮਰਪਿਤ ਸਮੂਹ ਗਠਿਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਡਾਕਟਰੀ ਜ਼ਰੂਰਤਾਂ ਅਨੁਸਾਰ ਦਾਖ਼ਲ/ ਇਲਾਜ ਕੀਤਾ ਜਾਂਦਾ ਹੈ ਜਿਵੇਂ ਕਿ ਰਿਵਰਸ ਰੈਫਰਲ` ਭਾਵ ਜਿਸ ਮਰੀਜ਼ ਨੂੰ ਲੈਵਲ 3 ਸਹੂਲਤ ਵਿੱਚ ਹੁਣ ਵੈਂਟੀਲੇਟਰ ਦੀ ਜ਼ਰੂਰਤ ਨਹੀਂ ਹੈ ਪਰ ਫਿਰ ਵੀ ਇਲਾਜ ਅਤੇ ਪ੍ਰਬੰਧਨ ਦੀ ਲੋੜ ਹੈ ਤਾਂ ਅਜਿਹੇ ਮਰੀਜ਼ ਨੂੰ ਲੈਵਲ 2 ਫੈਸਿਲਿਟੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।
                 ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਸੂਬਾਈ ਸਰਕਾਰ ਨੇ ਪਹਿਲਾਂ ਹੀ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਮਾਮਲਿਆਂ ਲਈ ਆਪਣੀ ਕੋਵਿਡ ਕੇਅਰ ਸਮਰੱਥਾ ਨੂੰ ਵਧਾ ਲਿਆ ਹੈ।ਜਿਸ ਤਹਿਤ ਸੂਬੇ ਦੇ 10 ਜ਼ਿਲ੍ਹਿਆਂ `ਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ (ਸੀ.ਸੀ.ਸੀਜ਼) ਸ਼ੁਰੂ ਕੀਤੇ ਗਏ ਹਨ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ 100 ਬਿਸਤਰਿਆਂ (ਹਰੇਕ) ਦੀ ਸਮਰੱਥਾ ਵਾਲੇ ਅਜਿਹੇ ਸੈਂਟਰ ਜਲਦ ਹੀ ਖੋਲ੍ਹੇ ਜਾਣਗੇ।
                   ਵਿਨੀ ਮਹਾਜਨ ਨੇ ਦੱਸਿਆ ਕਿ 10 ਜ਼ਿਲ੍ਹਿਆਂ ਵਿੱਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰੱਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਜਲੰਧਰ `ਚ 1000 ਬਿਸਤਰਿਆਂ ਦੀ ਸਮਰੱਥਾ ਹੈ, ਅੰਮ੍ਰਿਤਸਰ ਵਿੱਚ 1000, ਪਟਿਆਲਾ ਵਿੱਚ 470, ਬਠਿੰਡਾ ਵਿੱਚ 950, ਲੁਧਿਆਣਾ ਵਿੱਚ 1200, ਸੰਗਰੂਰ ਵਿੱਚ 800, ਐਸ.ਏ.ਐਸ ਨਗਰ ਮੁਹਾਲੀ ਵਿੱਚ ਗਿਆਨ ਸਾਗਰ ਹਸਪਤਾਲ ਵਿਖੇ 500 ਬੈਡ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000 ਬਿਸਤਰੇ, ਪਠਾਨਕੋਟ ਵਿੱਚ 400, ਫਾਜ਼ਿਲਕਾ ਵਿੱਚ 100 ਅਤੇ ਫਰੀਦਕੋਟ ਵਿੱਚ 100 ਬਿਸਤਰਿਆਂ ਦੀ ਸਮਰੱਥਾ ਹੈ।7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ ਵਿੱਚ ਇਨ੍ਹਾਂ ਨੂੰ 28000 ਬੈਡਾਂ ਤੱਕ ਵਧਾਇਆ ਜਾ ਸਕਦਾ ਹੈ।ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਵਿੱਚ ਬਿਨਾਂ ਕਿਸੇ ਲੱਛਣ ਅਤੇ ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਅਲਹਿਦਗੀ ਵਿੱਚ ਰੱਖਣ ਲਈ ਵਰਤਿਆ ਜਾ ਰਿਹਾ ਹੈ।
ਕੋਵਿਡ ਪ੍ਰਬੰਧਨ ਦੇ ਖ਼ਰਚਿਆਂ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਕੋਵਿਡ ਦੇਖਭਾਲ ਅਤੇ ਸੂਬੇ ਭਰ ਵਿੱਚ ਪ੍ਰਵਾਸੀਆਂ `ਤੇ 300 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
                      ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਘਾਬਦਾਂ ਨੂੰ ਕੋਵਿਡ ਕੇਅਰ ਸੈਂਟਰ `ਚ ਤਬਦੀਲ ਕਰਨ ਦੇ ਨਾਲ ਨਾਲ ਕਸਤੂਰਬਾ ਗਾਂਧੀ ਹੋਸਟਲ ਭੋਗੀਵਾਲ ਵਿਖੇ ਵੀ ਲੈਵਲ-1 ਦਾ ਕੋਵਿਡ ਕੇਅਰ ਸੈਂਟਰ ਤਿਆਰ ਕੀਤਾ ਗਿਆ ਹੈ।ਇਸ ਦੇ ਨਾਲ ਹੀ ਸਿਵਲ ਹਸਪਤਾਲ ਸੰਗਰੂਰ ਅਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਲੈਵਲ-2 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਵਿਸ਼ੇਸ਼ ਵਾਰਡ ਤਿਆਰ ਕੀਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ-19 ਨਾਲ ਪਾਜ਼ਟਿਵ ਗਰਭਵਤੀ ਮਹਿਲਾਵਾਂ ਦੀ ਸੁਚੱਜੀ ਸਾਂਭ ਸੰਭਾਲ ਲਈ ਸਿਵਲ ਹਸਪਤਾਲ ਧੂਰੀ ਵਿਖੇ ਵੀ ਵਿਸ਼ੇਸ਼ ਵਾਰਡ ਤਿਆਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਲਗਾਤਾਰ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …