ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਅੰਦਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਸਥਾਨਕ ਲੋਕਾਂ ਵੱਲੋਂ ਕਬਜ਼ਾ
ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਕੰਮ ਕਰ ਰਹੇ ਲੋਕਾਂ ਨੂੰ ਨੱਥ ਪਾਵੇ।ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਸਿੱਖਾਂ ਦੇ ਇਸ ਇਤਿਹਾਸਕ ਅਸਥਾਨ ’ਤੇ ਸਿੱਖਾਂ ਦਾ ਹੱਕ ਨਾ ਹੋਣ ਦੀ ਗੱਲ ਕਰਨ ਵਾਲੇ ਕਬਜ਼ਾਧਾਰਕ ਸੁਹੇਲ ਬੱਟ ਵੱਲੋਂ ਸਿੱਖਾਂ ਨੂੰ ਉਲਟਾ ਧਮਕੀਆਂ ਦੇਣ ਦੀ ਵੀ ਅਲੋਚਨਾ ਕੀਤੀ।
ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਨਾਲ ਪੂਰੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਇਤਿਹਾਸਕ ਅਸਥਾਨਾਂ ਵਿੱਚੋਂ ਹੀ ਇਕ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ। ਭਾਈ ਤਾਰੂ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ।ਉਨ੍ਹਾਂ ਨੇ ਹੱਕ ਸੱਚ ਲਈ ਆਪਣੀ ਕੁਰਬਾਨੀ ਦੇ ਕੇ ਸਿੱਖ ਨੌਜੁਆਨੀ ਲਈ ਇਕ ਵੱਡੀ ਮਿਸਾਲ ਪੈਦਾ ਕੀਤੀ ਹੈ।ਕੌਮ ਦੇ ਇਸ ਸ਼ਹੀਦ ਦੇ ਅਸਥਾਨ ਨੂੰ ਕੁੱਝ ਲੋਕਾਂ ਵੱਲੋਂ ਆਪਣੇ ਕਬਜ਼ੇ ਵਿਚ ਲੈਣ ਦੀ ਕਾਰਵਾਈ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਮੰਤਰਾਲੇ ਰਾਹੀਂ ਪਾਕਿਸਤਾਨ ਸਰਕਾਰ ਨਾਲ ਤੁਰੰਤ ਗੱਲਬਾਤ ਕਰੇ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media