ਲੌਂਗੋਵਾਲ, 30 ਜੁਲਾਈ (ਜਗਸੀਰ ਸਿੰਘ ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਹਥੋਆ, ਗੁਰਚਰਨ ਫੌਜੀ ਸਮੇਤ 100 ਅਣਪਛਾਤੇ ਵਿਅਕਤੀਆਂ ‘ਤੇ ਝੂਠੇ ਪਰਚੇ ਦਰਜ਼ ਕੀਤੇ ਜਾਣ ਦੇ ਵਿਰੋਧ ‘ਚ ਅੱਜ ਕਸਬਾ ਲੌਂਗੋਵਾਲ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਰਥੀ ਫੂਕੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਡੱਟਵੀਂ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲਾ ਆਗੂ ਜਸਪ੍ਰੀਤ ਜੱਸੂ ਨੇ ਕਿਹਾ ਕਿ ਪਿੰਡ ਘਰਾਚੋਂ ਵਿਖੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸਿੰਗਲਾ ਦੇ ਇਸ਼ਾਰੇ ‘ਤੇ ਘਰਾਚੋਂ ਪਿੰਡ ਦੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੇ ਮਾਮਲੇ ਨੂੰ ਉਲਝਾਇਆ ਜਾ ਰਿਹਾ ਹੈ।ਇਸੇ ਦੌਰਾਨ ਪ੍ਰਸ਼ਾਸਨ ਵੱਲੋਂ ਵਾਅਦੇ ਤੋਂ ਮੁਕਰਨ ਤੋਂ ਬਾਅਦ ਹਰੇ ਚਾਰੇ ਤੋਂ ਭੁੱਖੇ ਪਸ਼ੂਆਂ ਨੂੰ ਨਾਲ ਲੈ ਕੇ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਵੱਲ ਘਰਾਚੋਂ ਦੇ ਦਲਿਤਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੋਸ ਮਾਰਚ ਸ਼ੁਰੂ ਕੀਤਾ ਸੀ।ਜਿਸ ‘ਤੇ ਤਿੰਨ ਆਗੂਆਂ ਸਮੇਤ 100 ਅਣਪਛਾਤੇ ਵਿਅਕਤੀਆਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ।
ਪੰਜਾਬ ਸਟੂਡੈਂਟਸ ਯੂਨੀਅਨ ਮੰਗ ਕਰਦੀ ਹੈ ਕਿ ਆਗੂਆਂ ‘ਤੇ ਪਾਏ ਝੂਠੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਪਿੰਡ ਘਰਾਚੋਂ ਦੇ ਦਲਿਤਾਂ ਨੂੰ ਪੰਚਾਇਤੀ ਜ਼ਮੀਨ ਦਾ ਬਣਦਾ ਤੀਜਾ ਹਿੱਸਾ ਦਿੱਤਾ ਜਾਵੇ।ਇਸ ਮੌਕੇ ਗੁਰਤੇਜ ਸਿੰਘ, ਹਰਵਿੰਦਰ ਸਿੰਘ, ਜਸਪਾਲ ਪਾਲੀ, ਸੁਖਵਿੰਦਰ ਮੱਲੀ, ਕਾਕਾ ਸਿੰਘ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …