Thursday, July 3, 2025
Breaking News

ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਸਿੱਖ ਪੰਥ ਦੀ ਵੱਡੀ ਸ਼ਾਨ ਨੇ ਡਾ. ਓਬਰਾਏ – ਇੰਟਰਨੈਸ਼ਨਲ ਢਾਡੀ ਸੰਗੀਤਕਾਰ ਮੰਚ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਕਰਮਪੁਰਾ ਇਲਾਕੇ `ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਰੁਜ਼ਗਾਰ ਹੋਏ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕਾਂ ਤੇ ਗ੍ਰੰਥੀ ਸਿੰਘਾਂ ਦੇ 100 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ।
               ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਮੀਤ ਪ੍ਰਧਾਨ ਸ਼ੀਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਡਾ. ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜਿਲ੍ਹੇ ‘ਚ ਤੀਜੇ ਪੜਾਅ ਤਹਿਤ 2000 ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ।ਜਿਸ ਤਹਿਤ ਅੱਜ ਕਰਮਪੁਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵੱਖ-ਵੱਖ ਗੁਰੂ ਘਰਾਂ ‘ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਚੱਲਣ ਵਾਲੀਆਂ ਲੜੀਆਂ ਤੇ ਹੋਰ ਧਾਰਮਿਕ ਸਮਾਗਮ ਆਦਿ ਬੰਦ ਹੋਣ ਕਾਰਨ ਰੋਜ਼ੀ-ਰੋਟੀ ਤੋਂ ਆਤੁਰ ਹੋਏ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕਾਂ ਤੇ ਗ੍ਰੰਥੀ ਸਿੰਘਾਂ ਦੇ 100 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ।
                 ਇਸ ਦੌਰਾਨ ਮੌਜੂਦ ਇੰਟਰਨੈਸ਼ਨਲ ਢਾਡੀ ਸੰਗੀਤਕਾਰ ਮੰਚ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੇ ਚੇਅਰਮੈਨ ਜਗਦੀਸ਼ ਸਿੰਘ ਖਾਲਸਾ, ਪ੍ਰਧਾਨ ਲਖਜੀਤ ਸਿੰਘ, ਜਨ.ਸਕੱਤਰ ਭਾਈ ਰੂਪ ਸਿੰਘ ਸੋਹਲ, ਭਾਈ ਜਗੀਰ ਸਿੰਘ ਆਦਿ ਨੇ ਇਸ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਅੱਗੇ ਆਉਣ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ ਸਿੰਘ ਓਬਰਾਏ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਪਰਉਪਕਾਰਾਂ ਨਾਲ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …