Friday, August 1, 2025
Breaking News

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮਹਿਤਾ ਦੀ ਅਗਵਾਈ ’ਚ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ

ਸ਼ਰਾਬ ਮਾਫ਼ੀਏ ਅਤੇ ਵੀਰਪਾਲ ਕੌਰ ਇੰਸਾ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ, 4 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫ਼ਦ ਨੇ ਇੱਕ ਵੱਖਰੇ ਮੰਗ ਪੱਤਰ ਰਾਹੀਂ ਬੀਤੇ ਦਿਨੀਂ ਵੀਰਪਾਲ ਕੌਰ ਇੰਸਾ ਵੱਲੋਂ ਡੇਰਾ ਸਿਰਸਾ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਹੋਰ ਗੁਰੂ ਸਾਹਿਬਾਨ ਨਾਲ ਕਰਨ ’ਤੇ ਵੀ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿੱਚ ਬਣਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ।
                ਪੁਲਿਸ ਕਮਿਸ਼ਨਰ ਦੇ ਨਾਂ ਦਿੱਤੇ ਗਏ ਮੰਗ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਜਾਇਜ਼ ਸ਼ਰਾਬ ਦਾ ਗੈਰ-ਕਾਨੂੰਨੀ ਧੰਦਾ ਕਰਨ ਵਾਲੇ ਲੋਕ ਸਿਆਸੀ ਸ਼ਹਿ ਅਤੇ ਸਰਪ੍ਰਸਤੀ ਅਧੀਨ ਸਬੰਧਤ ਥਾਣਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਧੰਦਾ ਕਰ ਰਹੇ ਹਨ।
                      ਇਸ ਦੇ ਨਾਲ ਹੀ ਇਕ ਹੋਰ ਮੰਗ ਪੱਤਰ ਵਿਚ ਡੇਰਾ ਪ੍ਰੇਮੀ ਵੀਰਪਾਲ ਕੌਰ ਇੰਸਾ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ ਗਈ। ਭਾਈ ਮਹਿਤਾ ਨੇ ਦੱਸਿਆ ਕਿ ਬੀਤੇ ਦਿਨੀਂ ਵੀਰਪਾਲ ਕੌਰ ਇੰਸਾ ਵੱਲੋਂ ਡੇਰਾ ਸਿਰਸਾ ਮੁਖੀ ਜੋ ਕਿ ਬਲਾਤਕਾਰ ਅਤੇ ਕਤਲ ਆਦਿ ਜਿਹੇ ਘਨੌਣੇ ਜ਼ੁਰਮਾਂ ਕਾਰਨ ਜ਼ੇਲ੍ਹ ਵਿਚ ਬੰਦ ਹੈ, ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ) ਅਤੇ ਦਿਲਰਾਜ ਸਿੰਘ ਆਦਿ ਮੌਜੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …