13 ਅਗਸਤ ਨੂੰ ਹੋਵੇਗੀ ਫਾਈਨਲ ਰਿਹਰਸਲ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ 74ਵੇਂ ਆਜ਼ਾਦੀ
ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸੰਖੇਪ ਰੂਪ ਵਿਚ ਕਰਵਾਇਆ ਜਾਵੇਗਾ ਅਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿਲ ਨੇ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਆਵਾਜਾਈ ਦੇ ਪੁਖਤ ਇੰਤਜਾਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media