ਲੌਂਗੋਵਾਲ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ, ਬਾਬਾ ਸੇਵਾ ਸਿੰਘ ਨੂੰ ਸੌਂਪੀ ਸੇਵਾ
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਿਕ ਗੁਰਦੁਆਰਿਆਂ ਵਿਚ ਬਾਗ ਲਗਾਉਣ ਦੀ ਲੜੀ
ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸਵੀਂ ਹੇਰਾਂ ਵਿਖੇ ਬੂਟੇ ਲਗਾਏ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਅਰਦਾਸ ਮਗਰੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।ਉਨ੍ਹਾਂ ਨਾਲ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ,. ਜਗਜੀਤ ਸਿੰਘ ਤਲਵੰਡੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕਾਰਜਸ਼ੀਲ ਹੈ।ਇਸੇ ਤਹਿਤ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਇਕ-ਇਕ ਏਕੜ ਵਿਚ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ।ਕਰੀਬ 40 ਗੁਰਦੁਆਰਿਆਂ ਵਿਚ ਵਿਰਾਸਤੀ ਬਾਗ ਲਗਾਏ ਜਾਣਗੇ ਅਤੇ ਹਰ ਬਾਗ ਵਿਚ ਵੱਖ-ਵੱਖ ਕਿਸਮਾਂ ਦੇ ਕਰੀਬ 2500 ਬੂਟੇ ਹੋਣਗੇ।ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਿਆਂ ਅੰਦਰ ਬਾਗ ਲਗਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਖੇਤਰ ਵਿਚ ਵੱਡੇ ਕਾਰਜ਼ ਕੀਤੇ ਹਨ।
ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਆਖਿਆ ਕਿ ਮੌਜੂਦਾ ਸਮੇਂ ਕੁਦਰਤੀ ਵਾਤਾਵਰਣ ਬਚਾਉਣ ਲਈ ਹਰ ਮਨੁੱਖ ਨੂੰ ਅੱਗੇ ਆਉਣਾ ਚਾਹੀਦਾ ਹੈ।ਪੁਰਾਤਨ ਰੁੱਖ ਬੂਟਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਵੱਧ ਤੋਂ ਵੱਧ ਨਵੇਂ ਬੂਟੇ ਵੀ ਲਗਾਉਣੇ ਚਾਹੀਦੇ ਹਨ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਹੋਰਨਾਂ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Punjab Post Daily Online Newspaper & Print Media