Saturday, September 21, 2024

ਅੰਮ੍ਰਿਤਸਰ ਵਿੱਚ ਬਣੇਗਾ ਸਟੇਟ ਕੈਂਸਰ ਇੰਸਟੀਚਿਊਟ – ਸੋਨੀ

ਕਿਹਾ ਪੰਜਾਬ ਵਿੱਚ 1200 ਕਰੋੜ ਨਾਲ ਬਣਨਗੇ ਤਿੰਨ ਮੈਡੀਕਲ ਕਾਲਜ
ਆਜ਼ਾਦੀ ਦਿਹਾੜੇ ਮੌਕੇ ਓ.ਪੀ ਸੋਨੀ ਨੇ ਲਿਹਰਾਇਆ ਤਿਰੰਗਾ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਆਜ਼ਾਦੀ ਦਿਹਾੜੇ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਿਜ਼ਦਾ ਕਰਦੇ ਐਲਾਨ ਕੀਤਾ ਕਿ ਛੇਤੀ ਹੀ ਪੰਜਾਬ ਵਿਚ 1200 ਕਰੋੜ ਰੁਪਏ ਦੀ ਲਾਗਤ ਨਾਲ ਮੁਹਾਲੀ, ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਤਿੰਨ ਮੈਡੀਕਲ ਕਾਲਜ ਅਤੇ 120 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ‘ਚ ਸਟੇਟ ਕੈਂਸਰ ਇੰਸਟੀਚਿੳੂਟ ਖੋਲ੍ਹੇ ਜਾਣਗੇ।ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਮੌਕੇ ਉਨਾਂ ਦੱਸਿਆ ਕਿ ਏਮਜ਼ ਬਠਿੰਡਾ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਇਸ ਵਿਚ ਐਮ.ਬੀ.ਬੀ.ਐਸ ਦੇ ਦਾਖਲੇ ਵੀ ਸ਼ੁਰੂ ਹੋ ਚੁੱਕੇ ਹਨ।ਫਿਰੋਜ਼ਪੁਰ ਵਿੱਚ ਪੀ.ਜੀ.ਆਈ ਦਾ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਲਈ ਜ਼ਮੀਨ ਦਿੱਤੀ ਜਾ ਚੁੱਕੀ ਹੈ।ਸਰਕਾਰੀ ਮੈਡੀਕਲ ਕਾਲਜਾਂ ਵਿਚ ਡਾਕਟਰ, ਨਰਸਾਂ ਤੇ ਹੋਰ ਸਟਾਫ ਦੀਆਂ 850 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਮਾਰਚ ਮਹੀਨੇ ਜਦੋਂ ਸਾਨੂੰ ਕੋਵਿਡ ਦੇ ਟੈਸਟਾਂ ਲਈ ਨਮੂਨੇ ਪੂਨੇ ਭੇਜਣੇ ਪੈਂਦੇ ਸਨ ਅਤੇ ਹੁਣ ਰੋਜ਼ਾਨਾ ਪੰਜਾਬ ਵਿਚ 22 ਹਜ਼ਾਰ ਕੋਵਿਡ ਟੈਸਟ ਕੀਤੇ ਜਾਣਗੇ।
ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ।
                      ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲ ਵਿੱਚ ਰਾਜ ਦੇ ਲੋਕਾਂ ਦੇ ਜੀਵਨ ਮਿਆਰ ਨੂੰ ਉਚਾ ਚੁੱਕਣ ਲਈ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ, ਨਾਗਰਿਕ ਸੇਵਾਵਾਂ ਅਤੇ ਵੀ.ਆਈ.ਪੀ ਕਲਚਰ ਖਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ।
ਉਨਾਂ ਕਿਹਾ ਕਿ ਡਾਕਟਰਾਂ, ਪੁਲਿਸ, ਸਰਕਾਰੀ ਮੁਲਾਜ਼ਮ ਅਤੇ ਸਮਾਜ ਸੇਵੀ ਕੋਰੋਨਾ ਵਾਰੀਅਰਜ਼ ਵਜੋਂ ਵਿਚਰ ਕੇ ਇਸ ਬਿਮਾਰੀ ਦੀ ਲੜੀ ਤੋੜਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨਾਂ ਵਿਸ਼ੇਸ਼ ਤੌਰ ‘ਤੇ ਡਾਕਟਰੀ ਅਮਲੇ, ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਲੱਗੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ।
                 ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਾਡੀ ਸਰਕਾਰ ਨੇ ਪਿਛਲੀਆਂ 7 ਫਸਲਾਂ ਜਿਥੇ ਹੱਥੋ-ਹੱਥ ਚੁਕਾਈਆਂ ਅਤੇ 48 ਘੰਟਿਆਂ ਅੰਦਰ ਫਸਲਾਂ ਦੀ ਅਦਾਇਗੀ ਕਰਵਾਈ, ਉਥੇ ਹੀ 5.64 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।ਪੰਜਾਬ ਰਾਜ ਵਿੱਚ ਕਰੋਨਾ ਸੰਕਟ ਦੌਰਾਨ ਸੂਬੇ ਵਿੱਚ 15 ਲੱਖ ਤੋਂ ਜਿਆਦਾ ਫੂਡ ਪੈਕੇਟ ਵੰਡੇ ਗਏ ਅਤੇ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਤੇ ਦਾਲ ਦੀ ਵੰਡੀ ਗਈ।ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਨੂੰ 10 ਲੱਖ ਤੋਂ ਵਧਾ ਕੇ 50 ਲੱਖ ਕਰ ਦਿੱਤੀ ਗਈ।
                  ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ 58 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਜਦਕਿ ਨਿੱਜੀ ਖੇਤਰ ਵਿਚ ਇਹ ਗਿਣਤੀ 4 ਲੱਖ ਦੇ ਕਰੀਬ ਬਣਦੀ ਹੈ।7 ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਵਿਚ ਸਹਾਇਤਾ ਕੀਤੀ ਗਈ ਹੈ।ਅਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉਣ ਲਈ ਪੁੱਡਾ, ਗਮਾਡਾ ਵਿੱਚ ਰਾਖਵਾਂਕਰਨ 2 ਫੀਸਦੀ ਤੋਂ ਵਧਾ ਕੇ 3 ਫ਼ੀਸਦੀ ਕੀਤਾ ਗਿਆ ਹੈ ਅਤੇ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਕੀਤੀ, 24 ਲੱਖ ਦੇ ਕਰੀਬ ਲੋਕ ਇਸ ਦਾ ਲਾਭ ਲੈ ਰਹੇ ਹਨ।
                  ਸੋਨੀ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਇਹ ਵੀ ਵਿਸ਼ਵਾਸ ਦਿਵਾਉਂਦਾ ਹਾਂ ਕਿ ਪੰਜਾਬ ਸਰਕਾਰ ਕੋਲ ਕਰੋਨਾ ਨਾਲ ਨਜਿੱਠਣ ਲਈ ਸਭ ਇੰਤਜ਼ਾਮ ਹਨ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ।ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਵਿਚ ਅੰਮ੍ਰਿਤਸਰ ਦੇ ਜਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ, ਡਿਪਟੀ ਡੀ.ਈ.ਓ ਸ੍ਰੀਮਤੀ ਰੇਖਾ ਮਹਾਜਨ, ਸੀ.ਡੀ.ਪੀ.ਓ ਸ੍ਰੀਮਤੀ ਮੀਨਾ ਦੇਵੀ ਅਤੇ ਕੁਲਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ‘ਚ ਚੰਗਾ ਕੰਮ ਕੀਤਾ, ਜਿਸ ਬਦਲੇ ਮੁੱਖ ਮੰਤਰੀ ਵੱਲੋਂ ਗੋਲਡ ਸਰਟੀਫੀਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ।
                     ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਬੀ.ਐਸ ਸੰਧੂ, ਕਰਮਜੀਤ ਸਿੰਘ ਰਿੰਟੂ ਮੇਅਰ, ਡਾ. ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਸਿੰਘ ਡੀ.ਸੀ (ਸਾਰੇ ਵਿਧਾਇਕ), ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ, ਡਾ: ਸੁਖਚੈਨ ਸਿੰਘ ਗਿੱਲ੍ਹ ਪੁਲਿਸ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਰਣਬੀਰ ਸਿੰਘ ਮੁੱਧਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਅਨਮਜੋਤ ਕੋਰ ਸਹਾਇਕ ਕਮਿਸ਼ਨਰ, ਵਿਕਾਸ ਹੀਰਾ ਅਤੇ ਸ਼ਿਵਰਾਜ ਸਿੰਘ ਬੱਲ ਦੋਵੇਂ ਐਸ.ਡੀ.ਐਮ, ਮੈਡਮ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਸ੍ਰੀਮਤੀ ਜਤਿੰਦਰ ਸੋਨੀਆ ਸ਼ਹਿਰੀ ਪ੍ਰਧਾਨ ਕਾਂਗਰਸ, ਜੁਗਲ ਕਿਸ਼ੋਰ ਸ਼ਰਮਾ, ਅਸ਼ਵਨੀ ਪੱਪੂ, ਧਰਮਵੀਰ ਸਰੀਨ, ਵਿਕਾਸ ਸੋਨੀ, ਰਾਘਵ ਸੋਨੀ ਤੋਂ ਇਲਾਵਾ ਸਿਆਸੀ ਸਖਸ਼ੀਅਤਾਂ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …