ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ

ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿੱਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ।ਉਨਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜਿਸ ਨਾਲ ਸੰਗਤਾਂ ਦੇ ਮਨਾ ਨੂੰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ ਮਰਯਾਦਾ ਨੂੰ ਢਾਹ ਲੱਗੇ।ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਜਲਦ ਹੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਣ ਸਤਿਕਾਰ ਕਾਇਮ ਰੱਖਣ ਲਈ ਵਿਉਂਤਬੰਦੀ ਉਲੀਕੀ ਜਾਵੇਗੀ।
ਕਾਰਜਕਾਰੀ ਜਥੇਦਾਰ ਕਿਹਾ ਕਿ ਕੁੱਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮਜੀਠਾ ਰੋਡ ਵਿਖੇ ਇੱਕ ਕਾਂਗਰਸੀ ਆਗੂ ਕਰਮਜੀਤ ਸਿੰਘ ਵੱਲੋਂ ਨਵੰਬਰ 1984 ਸਮੇਂ ਦਿੱਲੀ ਵਿਚ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਦਾ ਜਨਮ ਦਿਨ ਮਨਾਉਣ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ। ਉਨਾਂ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲਾਂ ਦਾ ਜਨਮ ਦਿਨ ਗੁਰੂ ਘਰ ਵਿਚ ਮਨਾਉਣਾ ਬਹੁਤ ਹੀ ਮੰਦਭਾਗਾ ਅਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਅਮਰੀਕਾ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਦੇ ਪਿੰਡ ਛੀਨਾ (ਗੁਰਦਾਸਪੁਰ) ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਜੋ ਕਿ ਕਿੰਗਜ਼ ਦਰਿਆ ਵਿੱਚ ਮੈਕਸੀਕਨ ਮੂਲ ਦੇ ਤਿੰਨ ਬੱਚਿਆਂ ਨੂੰ ਡੁੱਬਣ ਤੋਂ ਬਚਾਉਣ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰ ਗਿਆ।ਮਨਜੀਤ ਸਿੰਘ ਦੀ ਕੁਰਬਾਨੀ ਕਾਰਨ ਜਿਥੇ ਇਸ ਦੇ ਕਾਰਨਾਮੇ ਦੀ ਸਾਰੇ ਵਿਸ਼ਵ-ਭਰ ਵਿਚ ਸ਼ਲਾਘਾ ਹੋ ਰਹੀ ਹੈ, ਉਥੇ ਪੰਜਾਬੀ ਭਾਈਚਾਰੇ ਵਿਚ ਸੋਗ ਵੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦੇ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
Punjab Post Daily Online Newspaper & Print Media