Thursday, March 26, 2026

ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾ ਕੇ ਸਿੱਖ ਭਾਵਨਾਵਾਂ ਨੂੰ ਪਹੁੰਚਾਈ ਗਈ ਠੇਸ – ਲੌਂਗੋਵਾਲ

ਕਿਹਾ ਇਸ ਪਿੱਛੇ ਹੋ ਸਕਦੀ ਹੈ ਗਹਿਰੀ ਸਾਜ਼ਿਸ਼, ਦੋਸ਼ੀਆਂ ਪਾਸੋਂ ਸਖ਼ਤੀ ਨਾਲ ਹੋਵੇ ਪੁੱਛਗਿਛ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋੋ) – ਨਵੰਬਰ 1984 ਵਿਚ ਦਿੱਲੀ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਅੰਮ੍ਰਿਤਸਰ ਵਿਖੇ ਕੁੱਝ ਲੋਕਾਂ ਵੱਲੋਂ ਜਨਮ ਦਿਨ ਮਨਾਉਣ ਅਤੇ ਇਸ ਸਬੰਧ ਵਿਚ ਥਾਂ-ਥਾਂ ਫਲੈਕਸ ਬੋਰਡ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਆਖਿਆ ਕਿ ਜਗਦੀਸ਼ ਟਾਈਟਲਰ ਸਿੱਖ ਕੌਮ ਦਾ ਦੋਸ਼ੀ ਹੈ ਅਤੇ ਅੰਮ੍ਰਿਤਸਰ ਦੇ ਵਸਨੀਕ ਕਰਮਜੀਤ ਸਿੰਘ (ਕਰਮ ਗਿੱਲ) ਨਾਂ ਦੇ ਵਿਅਕਤੀ ਵੱਲੋਂ ਉਸ ਦਾ ਜਨਮ ਦਿਨ ਮਨਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।ਉਨ੍ਹਾਂ ਕਿਹਾ ਕਿ ਕੌਮ ਕਦੀ ਵੀ ਸਿੱਖ ਕਤਲੇਆਮ ਨੂੰ ਨਹੀਂ ਭੁੱਲ ਸਕਦੀ। ਇਸ ਕਤਲੇਆਮ ਦੌਰਾਨ ਸਿੱਖਾਂ ਨੂੰ ਜਿਉਂਦੇ ਸਾੜਿਆ ਗਿਆ ਅਤੇ ਸਿੱਖ ਬੀਬੀਆਂ ਨੂੰ ਬੇਪੱਤ ਕੀਤਾ ਗਿਆ।ਇਥੋਂ ਤੱਕ ਕੇ ਛੋਟੇ ਛੋਟੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਸੀ।ਉਨ੍ਹਾਂ ਕਿਹਾ ਕਿ ਜਦੋਂ ਜਗਦੀਸ਼ ਟਾਈਟਲਰ ਵਿਰੁੱਧ ਸਿੱਖਾਂ ਵਿੱਚ ਲਗਾਤਾਰ ਭਾਰੀ ਰੋਸ ਚੱਲਦਾ ਆ ਰਿਹਾ ਹੈ, ਤਾਂ ਅਜਿਹੇ ਵਿਚ ਉਕਤ ਵਿਅਕਤੀ ਵੱਲੋਂ ਜਾਣਬੁੱਝ ਕੇ ਘਨੌਣੀ ਕਾਰਵਾਈ ਕਰਨੀ ਗਹਿਰੀ ਸਾਜ਼ਿਸ਼ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਅਜਿਹੇ ਲੋਕਾਂ ਨੂੰ ਉਤਸ਼ਾਹਿਤ ਕਰ ਰਹੀ ਹੈ।ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਬੇਨਕਾਬ ਹੋਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਮੂਕ-ਦਰਸ਼ਕ ਬਣ ਕੇ ਨਾ ਵੇਖੇ, ਸਗੋਂ ਸਬੰਧਤ ਵਿਅਕਤੀਆਂ ਪਾਸੋਂ ਸਖ਼ਤੀ ਨਾਲ ਪੁੱਛ ਗਿੱਛ ਕਰ ਕੇ ਹਰ ਚਿਹਰਾ ਜਨਤਕ ਕਰੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …