ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਕਿਸੇ ਨੂੰ ਵੀ ਪ੍ਰਵਾਨਗੀ
ਨਹੀਂ ਦਿੱਤੀ ਹੈ।ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੀਆਂ ਖਬਰਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਹੈ।ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਛਪੀਆਂ ਖਬਰਾਂ ’ਚ ਸਤਿਨਾਮ ਟਰੱਸਟ ਦੇ ਨੁਮਾਇੰਦੇ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬਕਾਇਦਾ ਲਿਖਤੀ ਆਗਿਆ ਦੀ ਗੱਲ ਸਰਾਸਰ ਝੂਠ ਹੈ।ਅਜਿਹਾ ਕਰਕੇ ਉਹ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਨੇ ਕਿਸੇ ਨੂੰ ਵੀ ਅਜਿਹੀ ਆਗਿਆ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਸਮੇਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਦੇ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੋਏ ਹਨ।ਪ੍ਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਹੁਕਮ ਨੂੰ ਅਣਗੌਲਿਆਂ ਕਰਕੇ ਕੈਨੇਡਾ ਵਿੱਚ ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਪਾਵਨ ਸਰੂਪ ਛਾਪੇ ਗਏ ਹਨ।ਧਾਮੀ ਨੇ ਆਖਿਆ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਵਿਖੇ ਛਾਪਣ ਸਬੰਧੀ ਲਿਖਾ-ਪੜ੍ਹੀ ਚੱਲ ਰਹੀ ਹੈ, ਪ੍ਰੰਤੂ ਇਸ ਬਾਰੇ ਅਜੇ ਤੱਕ ਕੋਈ ਵੀ ਅੰਤਮ ਫੈਸਲਾ ਨਹੀਂ ਲਿਆ ਗਿਆ। ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੇ ਮਾਮਲੇ ਨਾਲ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਸਬੰਧ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਤਿਨਾਮ ਟਰੱਸਟ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਹੈ।ਇਹ ਮਾਮਲਾ ਬੇਹੱਦ ਸੰਜ਼ੀਦਾ ਹੈ ਅਤੇ ਇਸ ਬਾਰੇ ਝੂਠ ਬੋਲ ਕੇ ਸੰਗਤ ਨੂੰ ਗੁੰਮਰਾਹ ਕਰਨਾ ਬਿਲਕੁੱਲ ਜਾਇਜ਼ ਨਹੀਂ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media