Thursday, September 19, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਨਹੀਂ ਸਗੋਂ 328 ਸਰੂਪ ਘੱਟ ਸਨ – ਗਿਆਨੀ ਹਰਪ੍ਰੀਤ ਸਿੰਘ

ਪੰਜ ਸਿੰਘ ਸਹਿਬਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਾਵਨ ਸਰੂਪਾਂ ਅਤੇ

File Photo

ਢੱਡਰੀਆਂ ਵਾਲੇ ਤੋਂ ਇਲਾਵਾ ਕਈ ਹੋਰ ਮਾਮਲੇ ਵਿਚਾਰੇ ਗਏ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਆਖਿਆ ਹੈ ਕਿ:-
                 ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਪੜਤਾਲ ਅਨੁਸਾਰ ਪਾਇਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਰ ਲੈਜਰ ਵਿਚ ਠੀਕ ਢੰਗ ਨਾਲ ਮੇਨਟੇਨ ਨਹੀ ਕੀਤੇ ਗਏ।ਪ੍ਰੈਸ ਦੇ ਪਬਲੀਕੇਸ਼ਨ ਵਿਭਾਗ ਦੀਆਂ ਲੈਜਰਾਂ ਵਿਚ 18-08-2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਨਹੀਂ ਸਗੋਂ 328 ਪਾਵਨ ਸਰੂਪ ਘੱਟ ਸਨ।
                  ਇਸ ਤੋਂ ਇਲਾਵਾ ਕੁਝ ਅਧਿਕਾਰੀਆਂ / ਕਰਮਚਾਰੀਆਂ ਦੀ ਮਿਲੀਭੁਗਤ ਨਾਲ ਪਬਲੀਕੇਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਵੇਸਟਿੰਗ ਅੰਗਾਂ ਲਈ ਦਿੱਤੇ ਵਾਧੂ ਅੰਗਾਂ ਤੋਂ ਅਣ-ਅਧਿਕਾਰਤ ਤਰੀਕੇ ਨਾਲ ਪਾਵਨ ਸਰੂਪ ਤਿਆਰ ਕਰਵਾ ਕੇ ਬਿਨ੍ਹਾਂ ਬਿੱਲ ਕੱਟਿਆਂ ਸੰਗਤਾਂ ਨੂੰ ਦਿੱਤੇ ਗਏ।ਲੈਜਰਾਂ ਨਾਲ ਛੇੜ-ਛਾੜ ਅਤੇ 2016 ਤੋਂ ਹੁਣ ਤੀਕ ਆਡਿਟ ਵੀ ਨਹੀਂ ਕਰਵਾਇਆ ਗਿਆ।ਇਹ ਬਹੁਤ ਵੱਡੀ ਬੇਈਮਾਨੀ ਤੇ ਅਣਗਹਿਲੀ ਹੈ।
                  ਪੰਜ ਸਿੰਘ ਸਾਹਿਬਾਨ ਵੱਲੋਂ ਇਸ ਰਿਪੋਰਟ ਨੂੰ ਵਿਚਾਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇੱਕ ਹਫਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਤੇ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਰਿਪੋਰਟ ਵਿਚ ਦੋਸ਼ੀ ਪਾਏ ਗਏ ਕਰਮਚਾਰੀਆਂ / ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
                 19-05-2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ 2016 ਦੀ ਸਮੁੱਚੀ ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਅਤੇ ਉਸ ਵੇਲੇ ਦੇ ਚੀਫ ਸਕੱਤਰ ਨੇ ਕੋਈ ਪਛਚਾਤਾਪ ਨਹੀਂ ਕੀਤਾ।ਇਸ ਲਈ ਸਮੁੱਚੀ ਅੰਤ੍ਰਿੰਗ ਕਮੇਟੀ ਅਤੇ ਚੀਫ ਸਕੱਤਰ ਨੂੰ ਸਵੇਰੇ 10 ਵਜੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪ ਹਾਜਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।
                  ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਬੋਲੇ ਕਥਨਾ ਦੇ ਸਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ-ਕਮੇਟੀ ਦੀ ਪੁੱਜੀ ਰਿਪੋਰਟ ਅਨੁਸਾਰ ਇਸ ਨੇ ਗੁਰਮਤਿ ਪ੍ਰਤੀ ਕੁੱਝ ਗਲਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾ ਸਬੰਧੀ ਸਪੱਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।ਇਸ ਲਈ ਫੈਸਲਾ ਹੋਇਆ ਹੈ ਕਿ ਜਿਨ੍ਹਾਂ ਚਿਰ ਇਹ ਆਪਣੀਆਂ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ ਤੇ ਨਾ ਹੀ ਇਸ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ।ਜੇਕਰ ਅੱਜੇ ਵੀ ਇਹ ਬਾਜ ਨਾ ਆਇਆਂ ਤਾਂ ਇਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
                   ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜਥਾ ਯੂ.ਕੇ ਦੇ ਖਿਲਾਫ ਪਿਛਲੇ ਸਮੇਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਸਬੰਧ ਵਿੱਚ ਸ਼ਿਕਾਇਤਾਂ ਪੁੱਜੀਆਂ ਸਨ।ਇਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਨਹੀਂ ਭੇਜਿਆ।ਜਿਨ੍ਹਾਂ ਚਿਰ ਇਹ ਆਪਣੀ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ।
                   ਸੰਗਤਾਂ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੇ ਸਰੀ, ਬੀ.ਸੀ (ਕਨੇਡਾ) ਆਪਣੀ ਨਿੱਜੀ ਸੰਸਥਾ ਸਤਿਨਾਮ ਰਿਲੀਜੀਅਸ ਸੁਸਾਇਟੀ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ।ਇਨ੍ਹਾਂ ਨੇ ਬਿਨ੍ਹਾਂ ਆਗਿਆ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੀਤੀ ਹੈ।ਜਿਸ ਸਬੰਧੀ ਦੋਨਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇੱਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।
                   ਪਿਛਲੇ ਦਿਨੀਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ੳ-ਫਾਰਮ ਸਬੰਧੀ ਅੰਮ੍ਰਿਤ ਛਕੇ ਜਾਂ ਨਾ ਛਕੇ ਹੋਣ ਬਾਰੇ ਮੰਗੀ ਜਾਣਕਾਰੀ ਨਹੀਂ ਭੇਜੀ।ਇਸ ਸਬੰਧੀ ਫੈਸਲਾ ਹੋਇਆ ਹੈ ਕਿ ਪ੍ਰਧਾਨ ਅਤੇ ਅਹੁਦੇਦਾਰ ਸਬੰਧਤ ਜਾਣਕਾਰੀ ਲੈ ਕੇ ਖੁਦ ਮਿਤੀ 18-09-2020 ਦਿਨ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਹਾਜ਼ਰ ਹੋਣ।
                 ਬਾਬਾ ਸ਼ਮਸ਼ੇਰ ਸਿੰਘ ਨੇ ਜਗਨਨਾਥਪੁਰੀ ੳੜੀਸਾ ਵਿਖੇ ਗੁਰਦੁਆਰਾ ਸਾਹਿਬ ਬਣਾਇਆ, ਜਿਸ ਦਾ ਨਾਮ ਆਰਤੀ ਸਾਹਿਬ ਰੱਖਿਆ।ਜਦ ਕਿ ਇਹ ਉਹ ਅਸਥਾਨ ਨਹੀਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਰਤੀ ਉਚਾਰੀ ਸੀ।ਇਸ ਸਬੰਧੀ ਬਾਬਾ ਸ਼ਮਸ਼ੇਰ ਸਿੰਘ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੁਰਦੁਆਰਾ ਸਾਹਿਬ ਦਾ ਨਾਮ ਤਬਦੀਲ ਕਰਕੇ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦਾ ਆਦੇਸ਼ ਕੀਤਾ ਹੈ।
                  ਸੁੱਚਾ ਸਿੰਘ ਲੰਗਾਹ ਬਾਰੇ ਕਿਹਾ ਗਿਆ ਹੈ ਕਿ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮੁਆਫੀ ਨਹੀ ਹੈ।ਇਸ ਲਈ ਸੰਗਤਾਂ ਇਸ ਨਾਲ ਮਿਲਵਰਤਣ ਨਾ ਰੱਖਣ।
                 ਸਾਬਕਾ ਜਥੇਦਾਰ  ਗਿ: ਇਕਬਾਲ ਸਿੰਘ ਵਲੋਂ ਅੱਯੁਧਿਆ ਵਿਖੇ ਸਮਾਗਮ ਵਿਚ ਚੱਲ ਰਹੇ ਦਿੱਤੇ ਬਿਆਨ ਨਾਲ ਅਸਹਿਮਤੀ ਜਤਾਉਂਦਿਆ ਉਨਾਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ।ਇਸ ਲਈ ਸਿੱਖਾਂ ਨੂੰ ਕਿਸੇ ਕੋਲੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
                    ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਜਾਣ ਨੂੰ ਉਨਾਂ ਅਣਉਚਿੱਤ ਦੱਸਦਿਆਂ ਕਿਹਾ ਕਿ ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ਼ ਹੈ।ਪੈਸੇ ਦੇ ਲਾਲਚ ਵਿੱਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ।
                 ਅੱਜ ਦੀ ਇਕੱਤਰਤਾ ਵਿੱਚ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਦੋ ਗ੍ਰੰਥੀ ਸ਼ਾਮਲ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …