Wednesday, March 18, 2026

ਲ਼ਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਕਈ ਅਧਿਕਾਰੀ ਤੇ ਮੁਲਾਜ਼ਮ ਕੀਤੇ ਡਿਸਮਿਸ ਤੇ ਸਸਪੈਂਡ

ਮੁੱਖ ਸਕੱਤਰ ਰੂਪ ਸਿੰਘ ਵਲੋਂ ਦਿੱਤਾ ਅਸਤੀਫਾ ਕੀਤਾ ਮਨਜ਼ੂਰ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ‘ਤੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ੍ਰੀ ਗੁਰੁ ਰਾਮ ਦਾਸ ਯੂਨੀਵਰਸਿਟੀ ਤੇ ਰਿਸਰਚ ਸੈਂਟਰ ਵੱਲਾ ਵਿਖੇ ਹੋਈ।ਜਿਸ ਦੌਰਾਨ ਲਏ ਗਏ ਅਹਿਮ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਸਖਤ ਦਾ ਰੁੱਖ ਅਖਤਿਆਰ ਕਰਦਿਆਂ 5 ਮੁਲਾਜ਼ਮਾਂ ਨੂੰ ਡਿਸਮਿਸ ਤੇ 5 ਨੂੰ ਸਸਪੈਂਡ ਕਰ ਦਿੱਤਾ ਗਿਆ।
                  ਤਕਰੀਬਨ ਇੱਕ ਦਹਾਕੇ ਤੋਂ ਆਡਿਟ ਕਰ ਰਹੀ ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਂਟੈਂਟ ਕੰਪਨੀ ਦੀਆਂ ਸੇਵਾਵਾਂ ਰੱਦ ਕਰ ਕੇ 75 ਫੀਸਦ ਰਕਮ ਰਿਕਵਰ ਕਰਨ ਲਈ ਕਨੂੰਨੀ ਕਾਰਵਾਈ ਕਰਨ ਅਤੇ ਜਿਲਦਸਾਜ਼ ਠੇਕੇਦਾਰ ਕੁਲਵੰਤ ਸਿੰਘ ਤੇ ਜਸਪ੍ਰੀਤ ਸਿੰਘ ਦਾ ਠੇਕਾ ਖਤਮ ਕਰ ਦਿੱਤਾ ਗਿਆ ਹੈ।
ਇਸੇ ਦੌਰਾਨ ਮੌਜੂਦਾ ਮੁੱਖ ਸਕੱਤਰ ਰੂਪ ਸਿੰਘ ਵਲੋਂ ਦਿੱਤਾ ਗਿਆ ਦਾ ਅਸਤੀਫਾ ਵੀ ਮਨਜ਼ੂਰ ਕਰ ਲ਼ਿਆ ਗਿਆ ਹੈ।
                    ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਤ ਸਕੱਤਰ ਗੁਰਬਚਨ ਸਿੰਘ, ਹੈਲਪਰ ਦਲਬੀਰ ਸਿੰਘ ਤੇ ਕਲਰਕ ਬਾਜ਼ ਸਿੰਘ ਨੂੰ ਨੌਕਰੀ ਤੋਂ ਬਰਤਰਫ ਕਰ ਕੇ ਉਨਾਂ ਦੇ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ ਕਰਨ ਤੇ ਸਹਾਇਕ ਅਕਾਊਂਟੈਂਟ ਜੁਝਾਰ ਸਿੰਘ ਨੂੰ ਨੌਕਰੀ ਤੋਂ ਡਿਸਮਿਸ ਕਰਨ ਦਾ ਐਲਾਨ ਕੀਤਾ ਗਿਆ।ਇਸੇ ਤਰਾਂ ਸਕੱਤਰ ਮਨਜੀਤ ਸਿੰਘ, ਮੀਤ ਸਕੱਤਰ ਵਿੱਤ ਸਤਿੰਦਰ ਸਿੰਘ, ਮੀਤ ਸਕੱਤਰ ਨਿਸ਼ਾਨ ਸਿੰਘ, ਇੰਚਾਰਜ਼ ਨੌਕਰੀਆਂ ਪਰਮਜੀਤ ਸਿੰਘ ਅਤੇ ਸੁਪਰਵਾਈਜ਼ਰ ਨੌਕਰੀਆਂ ਗੁਰਮੁੱਖ ਸਿੰਘ ਨੂੰ ਨੌਕਰੀ ਤੋਂ ਸਸਪੈਂਡ ਕੀਤਾ ਗਿਆ ਹੈ।ਇਹਨਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ ਗਿਆ।ਸੇਵਾ ਮੁਕਤ ਹੋ ਚੁੱਕੇ ਸੁਪਰਵਾਈਜ਼ਰ ਕੰਵਲਜੀਤ ਸਿੰਘ ਦੇ ਫੰਡ ਰੋਕਣ ਦੇ ਨਾਲ ਹੀ ਹੇਰਾਫੇਰੀ ਤੇ ਰਿਕਾਰਡ ਖੁਰਦ ਬੁਰਦ ਕਰਨ ਦੇ ਕਥਿਤ ਦੋਸ਼ਾਂ ਤਹਿਤ ਮੁਕਦਮਾ ਦਰਜ਼ ਕਰਵਾਉਣ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਵੀ ਵੱਖ-ਵੱਖ ਦੋਸ਼ਾਂ ਅਧੀਨ ਕਰਵਾਈ ਅੰਜ਼ਾਮ ਦਿੱਤੀ ਜਾਵੇਗੀ। 
               ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ‘ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਵਿਚਾਰ ਚਰਚਾ ਉਪਰੰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।
                 ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਇੱਕ ਸਬ ਕਮੇਟੀ ਬਣਾਈ ਜਾਵੇਗੀ।ਉਨਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ‘ਚ ਹੋਏ ਘਪਲੇ ਨਾਲ ਸਿੱਖਾਂ ਭਾਵਨਾਵਾਂ ਨੂੰ ਵੱਡੀ ਠੇਸ ਪੁੱਜੀ ਹੈ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …