ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਰੋਨਾ ਦੇ ਟੈਸਟਾਂ ਸਬੰਧੀ ਅਫ਼ਵਾਹਾਂ ਤੋਂਂ ਸੁਚੇਤ ਰਹਿਣ ਲਈ ਕਿਹਾ
ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜ਼ਟਿਵ ਵਿਅਕਤੀਆਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਮਨਜ਼ੂਰੀ ਦੇ
ਦਿੱਤੀ ਗਈ ਹੈ।ਜਿਸ ਤਹਿਤ ਕਰੋਨਾ ਪਾਜ਼ੇਟਿਵ ਵਿਅਕਤੀ ਆਪਣੇ ਘਰ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ।
ਅੱਜ ਲੋਕਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕਰੋਨਾ ਦੇ ਟੈਸਟਾਂ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਪੇਂਡੂ ਖੇਤਰਾਂ ਅਤੇ ਕਰੋਨਾ ਦੇ ਸੰਭਾਵੀ ਖੇਤਰਾਂ ਵਿੱਚ ਟੈਸਟ ਕਰਨ ਲਈ ਜਾ ਰਹੀਆਂ ਟੀਮਾਂ ਨੂੰ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ 42 ਮੌਤਾਂ ਹੋ ਚੁੱਕੀਆਂ ਹਨ ਅਤੇ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਕਰੋਨਾ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਪੇਂਡੂ ਖੇਤਰਾਂ ਵਿੱਚ ਪੰਚਾਇਤਾਂ ਅਤੇ ਲੋਕਾਂ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਸਭ ਤੋਂ ਅਹਿਮ ਤਰੀਕਾ ਇਸ ਦਾ ਸ਼ੁਰੂਆਤੀ ਦੌਰ ਵਿੱਚ ਹੀ ਪਤਾ ਲੱਗਣਾ ਹੈ, ਇਸ ਲਈ ਟੈਸਟਿੰਗ ਬਹੁਤ ਅਹਿਮ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਹ ਤੁਰੰਤ ਆਪਣਾ ਟੈਸਟ ਕਰਵਾਏ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਕਰੋਨਾ ਮਰੀਜ਼ਾਂ ਦੀ ਮੌਤ ਹੋਣ ਦੇ ਮਾਮਲਿਆਂ ਵਿੱਚ ਉਨ੍ਹਾਂ ਦੇ ਅੰਗ ਕੱਢਣ ਦੀਆਂ ਖਬਰਾਂ ਬਿਲਕੁੱਲ ਨਿਰਆਧਾਰ ਹਨ।ਸੀਨੀਅਰ ਡਾਕਟਰਾਂ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਹਰ ਇੱਕ ਮਰੀਜ਼ ਦੀ ਹਾਲਤ ਉਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪਾਜ਼ੇਟਿਵ ਵਿਅਕਤੀ ਵਿੱਚ ਸ਼ੁਰੂਤਆਤੀ ਲੱਛਣ ਹਨ ਤਾਂ ਉਹ ਹੋਮ ਆਈਸੋਲੇਸ਼ਨ ਦੀ ਸਹੂਲਤ ਲੈ ਸਕਦਾ ਹੈ।ਇਸ ਤੋਂ ਇਲਾਵਾ ਗਰਭਵਤੀ ਔਰਤਾਂ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਵਿਅਕਤੀ ਵੀ ਆਪਣੇ ਘਰ ਵਿੱਚ ਰਹਿ ਕੇ ਇਲਾਜ਼ ਕਰਵਾ ਸਕਦਾ ਹੈ ਬਸ਼ਰਤੇ ਕਿ ਉਸ ਦੀ ਸਥਿਤੀ ਗੰਭੀਰ ਨਾ ਹੋਵੇ।ਉਨ੍ਹਾਂ ਕਿਹਾ ਕਿ ਹੋਮ ਆਈਸੋਲੇਸ਼ਨ ਵਿੱਚ ਕਰੋਨਾ ਪਾਜ਼ਟਿਵ ਵਿਅਕਤੀ ਨੂੰ ਸਿਹਤ ਵਿਭਾਗ ਦੇ ਪ੍ਰੋਟੋਕੋਲ ਦੀ ਪੂਰਨ ਰੂਪ ਵਿੱਚ ਪਾਲਣਾ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਡਿਸਪੈਂਸਰੀਆਂ ਰਾਹੀਂ ਟੈਸਟਿੰਗ ਸ਼ੁਰੂ ਕੀਤੀ ਗਈ ਹੈ।ਜਿਸ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਆਈਸੋਲੇਸ਼ਨ ਸੈਂਟਰਾਂ ਵਿੱਚ ਭਰਤੀ ਪਾਜ਼ੇਟਿਵ ਵਿਅਕਤੀਆਂ ਨੂੰ ਘਰੇਲੂ ਖਾਣੇ ਦੀ ਸਹੂਲਤ ਲਈ ਇਹ ਵਿਵਸਥਾ ਕੀਤੀ ਗਈ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਘਰ ਦਾ ਖਾਣਾ ਸਬੰਧਤ ਵਿਅਕਤੀ ਤੱਕ ਪਹੁੰਚਾ ਸਕਦੇ ਹਨ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਕਰੋਨਾ ਦੀ ਮਾਰ ਤੋਂ ਬਚਾਉਣ ਲਈ ਟੈਸਟਿੰਗ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
Punjab Post Daily Online Newspaper & Print Media