8 ਹਜ਼ਾਰ ਦੇ ਕਰੀਬ ਐਨ.ਐਸ.ਐਸ, ਯੂਥ ਕਲਬ ਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰ ਘਰ-ਘਰ ਜਾ ਕੇ ਕਰਨਗੇ ਜਾਗਰੂਕ
ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਅਤੇ ਅਫਵਾਹਾਂ ਤੋਂ ਸਾਵਧਾਨ ਰੱਖਣ ਲਈ
ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹੇ ਵਿੱਚ 20 ਸਤੰਬਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਜਾਗਰੂਕਤਾ ਪੈਂਫਲੇਟ ਜਾਰੀ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ।ਯੁਵਕ ਸੇਵਾਵਾਂ ਵਿਭਾਗ ਵਲੋਂ ਲੋਕਾਂ ਨੂੰ ਘਰੇਲੂ ਇਕਾਂਤਵਾਸ, 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਕੋਰੋਨਾ ਦੇ ਲੱਛਣ-ਬਚਾਅ ਸਬੰਧੀ ਜਾਗਰੂਕ ਕਰਨ ਲਈ ਇਹ ਯਤਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਸਤੰਬਰ ਤੱਕ ਚੱਲਣ ਵਾਲੇ ਇਸ ਅਭਿਆਨ ਵਿੱਚ 3 ਹਜ਼ਾਰ ਐਨ.ਐਸ.ਐਸ, 2000 ਯੂਥ ਕਲੱਬ ਅਤੇ 1000 ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸੋਸ਼ਲ ਮੀਡੀਆ `ਤੇ ਫੈਲ ਰਹੀਆਂ ਗਲਤ ਅਫਵਾਹਾਂ, ਟੈਸਟਿੰਗ ਤੇ ਕੋਰੋਨਾ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਫਵਾਹਾਂ ਤੋਂ ਬਚ ਕੇ ਟੈਸਟਿੰਗ ਕਰਵਾਉਣਾ ਸਮੇਂ ਦੀ ਮੁੱਖ ਜ਼ਰੂਰਤ ਹੈ, ਜਿਸ ਵਿੱਚ ਸਿਹਤ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਜਰੂਰੀ ਹੈ।ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਆਨਲਾਈਨ ਪਲੇਟਫਾਰਮ ਰਾਹੀਂ ਵੀ ਜਾਰੂਕਤਾ ਮੁਹਿੰਮ ਚਲਾਈ ਗਈ ਸੀ, ਜਿਸ ਵਿੱਚ 8300 ਤੋਂ ਵੱਧ ਨੌਜਵਾਨ ਸ਼ਾਮਲ ਹੋਏ ਸਨ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ 14 ਸਤੰਬਰ ਨੂੰ ਮੁਹਿੰਮ ਦੀ ਸ਼ੁਰੂਆਤ ਦੇ ਨਾਲ ਜਾਗਰੂਕਤਾ ਸਮੱਗਰੀ ਦੀ ਵੰਡ ਕੀਤੀ ਗਈ, 15 ਨੂੰ ਸੋਸ਼ਲ ਮੀਡੀਆ ਪਲੇਟਫਾਰਮ `ਤੇ ਜਾਗਰੂਕਤਾ ਮੁਹਿੰਮ ਚਲਾਈ। ਇਸੇ ਤਰ੍ਹਾਂ 16 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏੇ, 17 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਸਲੋਗਨ ਰਾਈਟਿੰਗ ਮੁਕਾਬਲੇ, 18 ਤੇ 19 ਨੂੰ ਘਰ-ਘਰ ਪੈਂਲਫੇਟ ਵੰਡਣ ਦੀ ਮੁਹਿੰਮ ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕਵਿਜ਼ ਪ੍ਰਤੀਯੋਗਤਾ ਚੱਲੇਗੀ। ਉਨ੍ਹਾਂ ਦੱਸਿਆ ਕਿ ਆਨਲਾਈਨ ਕਵਿਜ਼ ਪ੍ਰਤੀਯੋਗਤਾ ਵਿੱਚ 60 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਨੌਜਵਾਨਾਂ ਨੂੰ ਵਿਭਾਗ ਵਲੋਂ ਆਨਲਾਈਨ ਸਰਟੀਫਿਕੇਟ ਵੀ ਭੇਜੇ ਜਾਣਗੇ।
Punjab Post Daily Online Newspaper & Print Media