Monday, February 2, 2026

ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣ ਨਾਲ ਡਿਜ਼ੀਟਲ ਸਾਖਰਤਾ ‘ਚ ਆਵੇਗੀ ਕ੍ਰਾਂਤੀ- ਰਾਣਾ ਗੁਰਜੀਤ

 ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਕਪੂਰਥਲਾ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਮਾਧਿਅਮਾਂ ਰਾਹੀਂ ਸਿੱਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਲਈ ਵੰਡੇ ਜਾ ਰਹੇ ਸਮਾਰਟ ਫੋਨਾਂ ਨਾਲ ਡਿਜ਼ੀਟਲ ਸਾਖਰਤਾ ਵਿੱਚ ਕ੍ਰਾਂਤੀ ਆਵੇਗੀ, ਜੋ ਕਿ ਅੱਗੋਂ ਸੂਚਨਾ ਤਕਨੀਕ ਦੇ ਖੇਤਰ ਵਿੱਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਪੈਦਾ ਕਰੇਗੀ।
                    ਇੱਥੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦੂਜੇ ਪੜਾਅ ਤਹਿਤ ਸਮਾਰਟ ਫੋਨ ਵੰਡਣ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਵਿੱਖ ਦਾ ਸਮਾਂ ਸੂਚਨਾ ਤਕਨੀਕ ਦਾ ਹੈ, ਜੋ ਕਿ ਅਗੋਂ ਰੁਜ਼ਗਾਰ ਪ੍ਰਾਪਤੀ ਦਾ ਸਭ ਤੋਂ ਵੱਡਾ ਖੇਤਰ ਹੋਵੇਗਾ।
                 ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ।ਜਿਸ ਨਾਲ ਉਨਾਂ ਨੂੰ ਆਨਲਾਈਨ ਸਿਖਲਾਈ ਤੇ ਆਨਲਾਈਨ ਨਾਗਰਿਕ ਸੇਵਾਵਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦਾ ਸਾਧਨ ਬਣੇਗੀ।ਉਨਾਂ ਕਿਹਾ ਕਰੋਨਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਹੋਣ ਕਾਰਨ ਇਨ੍ਹਾਂ ਸਮਾਰਟ ਫੋਨਾਂ ਦੀ ਮਹੱਤਤਾ ਹੋਰ ਵਧ ਗਈ ਹੈ, ਜਿਸ ਨਾਲ ਉਹ ਆਨਲਾਈਨ ਪੜ੍ਹਾਈ ਕਰ ਸਕਦੇ ਹਨ।
                   ਉਨਾਂ ਵਿਦਿਆਰਥੀ ਵਰਗ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੀ ਅਰਥ ਵਿਵਸਥਾ ਵਿਚ ਸਰਵਿਸ ਤੇ ਸੂਚਨਾ ਖੇਤਰ ਦੇ ਵਧੇਰੇ ਹਿੱਸੇ ਦੇ ਮੱਦੇਨਜ਼ਰ ਆਪਣੇ ਭਵਿੱਖ ਦੀ ਯੋਜਨਾਬੰਦੀ ਕਰਨ ।
                  ਜਿਲ੍ਹਾ ਸਿੱਖਿਆ ਅਫਸਰ ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹੇ ਵਿਚ 12 ਵੀਂ ਜਮਾਤ ਦੇ ਕੁੱਲ 4316 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣੇ ਸਨ, ਜਿਨ੍ਹਾਂ ਵਿਚੋਂ ਸ਼ੁਰੂਆਤ ਵੇਲੇ ਰਸਮੀ ਤੌਰ ਉਪਰ 100 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ ਹਨ।ਹੁਣ ਦੂਜੇ ਪੜਾਅ ਤਹਿਤ 1532 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ।
                      ਅੱਜ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 293 ਵਿਦਿਆਰਥਣਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ 211 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
                   ਸਮਾਗਮ ਵਿਚ ਜਿਲ੍ਹਾ ਐਲੀਮੈਂਟਰੀ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ, ਤਹਿਸੀਲਦਾਰ ਮਨਬੀਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਪ੍ਰਿੰਸੀਪਲ ਨਵਚੇਤਨ ਸਿੰਘ, ਮੁਨੀਸ਼ ਅਗਰਵਾਲ, ਵਿਕਾਸ ਸ਼ਰਮਾ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …