Saturday, April 4, 2026

ਕੋਵਿਡ-19 ਬਾਰੇ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਦੇ 108 ਸ਼ੋਸਲ ਮੀਡੀਆ ਅਕਾਊਂਟ ਬੰਦ ਕਰਵਾਏ – ਬਲਬੀਰ ਸਿੱਧੂ

ਸਿਵਲ ਹਸਪਤਾਲ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਕੋਵਿਡ-19 ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ’ਤੇ ਗਲਤ ਅਫਵਾਹਾਂ ਫੈਲਾਉਣ ਵਾਲੇ ਗੈਰ ਸਾਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਦਮ ਚੁੱਕਦਿਆਂ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਦੇ 108 ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
                 ਸਿੱਧੂ ਨੇ ਕੋਵਿਡ-19 ਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋ ਪੰਜਾਬ ਅੰਦਰ ਮਿਸ਼ਨ ਫਤਿਹ ਮੁਹਿੰਮ ਤਹਿਤ ਡਾਕਟਰੀ ਟੀਮਾਂ ਦੀ ਵਧੀਆ ਕਾਰਗੁਜ਼ਾਰੀ ਨਾਲ ਮੌਤ ਦਰ ਅੰਦਰ ਕਮੀ ਆਈ ਹੈ ਅਤੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਫਵਾਹਾਂ ਨੂੰ ਦਰਕਿਨਾਰ ਕਰਦਿਆਂ ਕੋਰੋਨਾ ਸੈਂਪਲਿੰਗ ਦੀ ਅਹਿਮੀਅਤ ਨੂੰ ਸਮਝਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਪੱਧਰ ’ਤੇ ਲਏ ਜਾ ਰਹੇ ਨਮੂਨਿਆਂ ਦੇ ਨਤੀਜ਼ੇ ਬਿਹਤਰ ਆ ਰਹੇ ਹਨ।
                   ਕੈਬਨਿਟ ਮੰਤਰੀ ਸਿੱਧੂ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਹਸਪਤਾਲ ਦੇ ਸਟਾਕ ਅੰਦਰ ਦਵਾਈ ਹੋਣ ਦੀ ਸੂਰਤ ’ਚ ਬਾਹਰ ਦੀ ਦਵਾਈ ਲਿਖਣ ਵਾਲੇ ਡਾਕਟਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ’ਚ ਕੋਵਿਡ ਮਰੀਜ਼ਾਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ, ਔਕਸੀਮੀਟਰ ਅਤੇ ਲੋੜੀਂਦੀਆਂ ਦਵਾਈਆਂ ਆਦਿ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਕ-ਦੋ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।ਜਲਦ ਹੀ ਕਰੀਬ 900 ਡਾਕਟਰਾਂ ਦੀ ਭਰਤੀ ਹੋਣ ਜਾ ਰਹੀ ਹੈ।ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਪਸਤਾਲਾਂ ਅੰਦਰ ਜਣੇਪੇ ਦੀ ਸੁਵਿਧਾ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਕੈਬਨਿਟ ਮੰਤਰੀ ਸਿੱਧੂ ਨੇ ਇਕ ਹੋਰ ਸਵਾਲ ਦੇ ਜਵਾਬ ’ਚ ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੀਤੇ ਦਿਨੀ ਹੀ ਸਿੰਗਲਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਨਵੀਨੀਕਰਣ ਨੂੰ ਲੈ ਕੇ ਗੱਲਬਾਤ ਕੀਤੀ ਸੀ, ਜਿਸ ਨੂੰ ਅਮਲੀਜਾਮਾ ਪਹਿਨਾਉਣ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
                     ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਸੰਦੀਪ ਗਰਗ, ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ ਡਾ. ਬਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਪ੍ਰਮਿੰਦਰ ਕੌਰ ਸਮੇਤ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲੇ ਦੀ ਮੌਜੂਦਾ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …