Monday, November 9, 2026

ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
                 ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਤੇ ਬਲਦੇਵ ਸਿੰਘ, ਮੀਤ ਮੈਨੇਜਰ ਨਿਸ਼ਾਨ ਸਿੰਘ, ਸੁਰਪਵਾਈਜ਼ਰ ਕਾਬਲ ਸਿੰਘ ਆਦਿ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …