Monday, November 9, 2026

ਸੁਪਰ ਐਸ.ਐਮ.ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ – ਡਿਪਟੀ ਕਮਿਸ਼ਨਰ

ਪ੍ਰਦੂਸ਼ਣ ਰੋਕੂ ਐਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ

ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਝੋਨੇ ਦੀ ਕਟਾਈ ਉਪਰੰਤ ਖਾਸ ਕਰਕੇ ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।
                 ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ ਲਵਾਉਣ ਦੀ ਅਪੀਲ ਕੀਤੀ ਹੈ।ਜਿਸ ਵਾਸਤੇ ਸੂਬਾ ਸਰਕਾਰ ਕੁੱਲ ਕੀਮਤ ਉਪਰ 50 ਫੀਸਦੀ ਸਬਸਿਡੀ ਦੇ ਰਹੀ ਹੈ।
               ਉਨ੍ਹਾਂ ਆਖਿਆ ਕਿ ਕੰਬਾਈਨ ਮਾਲਕਾਂ ਨੂੰ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਤਹਿਤ ਜਾਰੀ ਹੋਈਆਂ ਹਦਾਇਤਾਂ ਨੂੰ ਅਪਣਾਉਣਾ ਹੋਵੇਗਾ ਤਾਂ ਕਿ ਝੋਨੇ ਦੇ ਵਢਾਈ ਸੀਜ਼ਨ ਦੌਰਾਨ ਸਿਰਫ਼ ਐਸ.ਐਮ.ਐਸ ਵਾਲੀਆਂ ਮਸ਼ੀਨਾਂ ਚੱਲਣ ਨੂੰ ਯਕੀਨੀ ਬਣਾਇਆ ਜਾ ਸਕੇ।
               ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਵਲੋਂ ਸੁਪਰ ਐਸ.ਐਮ.ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਪਹਿਲੀ, ਦੂਜੀ ਅਤੇ ਤੀਜੀ ਵਾਰ ਉਲੰਘਣਾ ਲਈ ਕ੍ਰਮਵਾਰ 50,000 ਰੁਪਏ, 75000 ਅਤੇ ਇਕ ਲੱਖ ਰੁਪਏ ਵਾਤਾਵਰਣ ਮੁਆਵਜ਼ਾ ਅਦਾ ਕਰਨਾ ਪਵੇਗਾ।
                   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਾਉਣ ਲਈ ਆਖਿਆ ਹੈ।ਕਿਸਾਨ ਬਿਨਾਂ ਪਰਾਲੀ ਸਾੜੇ ਤੋਂ ਹੈਪੀ ਸੀਡਰ, ਜ਼ੀਰੋ ਡਰਿੱਲ ਅਤੇ ਸੁਪਰ ਸੀਡਰ ਰਾਹੀਂ ਅਗਲੀ ਫਸਲ ਬੀਜ਼ ਸਕਦੇ ਹਨ ਅਤੇ ਇਨਾਂ ਖੇਤੀ ਸੰਦਾਂ ਨੂੰ ਸਬਸਿਡੀ ਉਪਰ ਲੈਣ ਦੇ ਨਾਲ-ਨਾਲ ਕਸਟਮ ਹਾਇਰ ਸੈਂਟਰਾਂ, ਪੰਚਾਇਤਾਂ ਜਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਕਿਰਾਏ ’ਤੇ ਵੀ ਲਿਆ ਜਾ ਸਕਦਾ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …