ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ
ਗਏ।ਉਹ ਬੀਤੇ ਕੁੱਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ।ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ।
ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸਿੱਖ ਪੰਥ ਦੀਆਂ ਉਘੀਆਂ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਲੌਂਗੋਵਾਲ ਨੇ ਆਖਿਆ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਚਲਾਣਾ ਸਿੱਖ ਹਲਕਿਆਂ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਿੰਘ ਸਾਹਿਬ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਅੰਤਿ੍ਰੰਗ ਮੈਂਬਰਾਨ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਨੇ ਚਲਾਣੇ ’ਤੇ ਹਮਦਰਦੀ ਪ੍ਰਗਟਾਈ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਸ਼ੋਕ ਸਭਾ ਕੀਤੀ ਗਈ।ਵਿਛੜੀ ਰੂਹ ਨਮਿਤ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ।ਸ਼ੋਕ ਸਭਾ ‘ਚ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਸਿਮਰਜੀਤ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਮੈਨੇਜਰ ਮੁਖਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।ਗਿਆਨੀ ਜੀ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media