15 ਨਵੰਬਰ ਨੂੰ ਗੁ. ਸ੍ਰੀ ਮੰਜੀ ਸਾਹਿਬ ਵਿਖੇ ਹੋਵੇਗਾ ਮੁੱਖ ਸਮਾਗਮ
ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਸ ਸਾਲ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ
ਦਿੱਤੀਆਂ ਹਨ।ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ ਕਰਕੇ ਵੱਖ-ਵੱਖ ਸਮਾਗਮ ਵੀ ਕੀਤੇ ਜਾਣਗੇ।ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦਾ ਭੋਗ 15 ਨਵੰਬਰ ਨੂੰ ਪਵੇਗਾ।ਇਸ ਮਗਰੋਂ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।
ਲੌਂਗੋਵਾਲ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਰੂਪ ‘ਚ ਕੀਤਾ ਜਾਵੇਗਾ।ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ।ਸਮਾਗਮ ਵਿਚ ਸ਼ਾਮਲ ਹੋਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਥਕ ਆਗੂਆਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਜਾਵੇਗਾ।ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਯੋਗਦਾਨ ਸਬੰਧੀ ਇਕ ਵਿਸ਼ੇਸ਼ ਸੋਵੀਨਰ ਤਿਆਰ ਕੀਤਾ ਜਾਵੇਗਾ, ਜਿਸ ਤੋਂ ਸੰਗਤਾਂ ਸਿੱਖ ਸੰਸਥਾ ਸਬੰਧੀ ਬਹੁਪੱਖੀ ਜਾਣਕਾਰੀ ਹਾਸਲ ਕਰ ਸਕਣਗੀਆਂ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪ-ਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਨੌਜੁਆਨੀ ਨੂੰ ਪ੍ਰੇਰਿਤ ਕਰਨ ਲਈ ਸੰਖੇਪ ਵਿਚ ਇਤਿਹਾਸਕ ਡਾਕੂਮੈਂਟਰੀ ਫਿਲਮਾਂ ਤਿਆਰ ਕੀਤੀਆਂ ਜਾਣਗੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੇਸ਼ੱਕ ਇਸ ਵਰ੍ਹੇ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਬੰਧੀ ਸਮਾਗਮ ਪਹਿਲਾਂ ਨਹੀਂ ਆਰੰਭ ਕੀਤੇ ਜਾ ਸਕੇ, ਪ੍ਰੰਤੂ ਹੁਣ ਸ਼ਤਾਬਦੀ ਦੇ ਮੁੱਖ ਸਮਾਗਮ ਤੋਂ ਮਗਰੋਂ ਅਗਲਾ ਪੂਰਾ ਵਰ੍ਹਾ ਸਮਾਗਮ ਜਾਰੀ ਰਹਿਣਗੇ।
ਸਬ-ਕਮੇਟੀ ਦੀ ਇਕੱਤਰਤਾ ਵਿੱਚ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਬੀਬੀ ਕੁਲਦੀਪ ਕੌਰ ਟੌਹੜਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਾਮ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਸਰਵਨ ਸਿੰਘ ਕੁਲਾਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਕੈਰੋਂਵਾਲ ਅਤੇ ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media