ਕਿਹਾ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਨਿਸ਼ਚਿਤ ਕਰਨ ਲਈ ਡਿਪਟੀ ਕਮਿਸ਼ਨਰ
ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।ਇਸ ਸਮੇਂ ਉਨ੍ਹਾਂ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਵਿਡ-19 ਦੇ ਚੱਲਦਿਆਂ ਪੂਰੀ ਅਹਿਤਿਆਤ ਵਰਤਦੇ ਹੋਏ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਵਿਭਾਗੀ ਪੱਧਰ ’ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 298669 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 298069 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਮੰਡੀਆਂ ਵਿੱਚ ਸਾਫ਼-ਸਫ਼ਾਈ, ਪਾਣੀ, ਬਿਜਲੀ ਆਦਿ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨੂੰ ਵੀ ਮੰਡੀਆਂ ਦਾ ਸਮੇਂ-ਸਮੇਂ ’ਤੇ ਨਿਰੀਖੱਣ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਨਾ ਆਵੇ ਇਸ ਪਾਸੇ ਖ਼ਾਸ ਧਿਆਨ ਦਿੱਤਾ ਜਾਵੇ।
ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਭਗਤਾਂਵਾਲਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀਆਂ ਟਰਾਲੀਆਂ ਨੂੰ ਪਾਸ ਜਾਰੀ ਕੀਤੇ ਜਾਣ ਅਤੇ ਯਕੀਨੀ ਬਣਾਇਆ ਜਾਵੇ ਕਿ ਜਿਸ ਕੋਲ ਪਾਸ ਹੋਵੇ ਉਹੀ ਕਿਸਾਨ ਆਪਣੀ ਟਰਾਲੀ ਮੰਡੀਆਂ ਅੰਦਰ ਦਾਖਲ ਕਰੇ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਖੁਸ਼ਹਾਲੀ ਦੇ ਰਾਖਿਆਂ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਸਰਕਾਰ ਵੱਲੋਂ ਮਿਥਿਆ ਗਿਆ ਪੂਰਾ ਰੇਟ ਲੈਣਾ ਹੈ ਤਾਂ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ।ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੁਪਰਸੀਡਰ ਜਾਂ ਹੈਪੀਸੀਡਰ ਦੀ ਵਰਤੋਂ ਦੇ ਢੰਗ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਫਾਇਦਿਆਂ ਸਬੰਧੀ ਕੈਂਪ ਲਗਾਉਣ ਅਤੇ ਡੈਮੋ ਵੀ ਕਰਕੇ ਦਿਖਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਸ੍ਰੀਮਤੀ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੌਰ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਮੈਡਮ ਜਸਜੀਤ ਕੌਰ, ਜਿਲ੍ਹਾ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ, ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਸਕੱਤਰ ਮੰਡੀ ਬੋਰਡ ਅਮਰਦੀਪ ਕੌੜਾ, ਆੜਤੀ ਐਸੋਸੀਏਸ਼ਨ ਪ੍ਰਧਾਨ ਅਮਨਦੀਪ ਸਿੰਘ ਛੀਨਾ, ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜ਼ੂਦ ਸਨ।
Punjab Post Daily Online Newspaper & Print Media