Friday, September 20, 2024

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੁਰਜ਼ੋਰ ਅਪੀਲ

ਪਾਵਨ ਸਰੂਪਾਂ ਦੇ ਮਾਮਲੇ `ਚ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ

ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ।ਜਿਸ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁੱਝ ਕਰਮਚਾਰੀਆਂ-ਅਧਿਕਾਰੀਆਂ ਵਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗਬਨ ਕਰਨ ਦਾ ਸਖਤ ਸ਼ਬਦਾਂ `ਚ ਨਿਖੇਧੀ ਮਤਾ ਪਾਸ ਕੀਤਾ ਗਿਆ ਅਤੇ ਕਿਹਾ ਗਿਆ ਮੰਦਭਾਗੀ ਘਟਨਾ ਨਾਲ ਸਿੱਖ ਜਗਤ ‘ਚ ਭਾਰੀ ਰੋਸ ਹੈ।ਜਿਸ ਦੇ ਚੱਲਦਿਆਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ `ਤੇ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ ਕਰਦੀ ਹੈ ਤਾਂ ਜੋ ਸੰਗਤ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ।
                ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਨੀਆ ਭਰ `ਚ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਹਮੇਸ਼ਾਂ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ।ਇਸ ਕਰਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਧਰਨੇ ਜਾਂ ਮੁਜ਼ਾਹਰੇ ਵਾਲੀ ਜਗ੍ਹਾ ਨਹੀਂ ਹੈ।ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਧਰਨੇ ਜਾਂ ਮੁਜ਼ਾਹਰੇ ਨਾ ਕੀਤੇ ਜਾਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਜਾਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …