Monday, December 23, 2024

ਖੱਜ਼ਲ ਖੁਆਰੀ ਤੋਂ ਬਚਣ ਲਈ ਝੋਨਾ ਸੁਕਾ ਕੇ ਮੰਡੀ ਵਿੱਚ ਲਿਆਉਣ ਕਿਸਾਨ – ਡਾ. ਅਮਰੀਕ ਸਿੰਘ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਾਣਾ ਮੰਡੀ ਨੌਰੰਗਪੁਰ ਦਾ ਦੌਰਾ

ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਨੌਰੰਗਪੁਰ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਰਘਬੀਰ ਸਿੰਘ ਵੀ ਹਾਜ਼ਰ ਸਨ। ਦੌਰੇ ਦੌਰਾਨ ਮੰਡੀਆਂ ਵਿੱਚ ਹੋ ਰਹੀ ਤੁਲਾਈ ਦਾ ਮੌਕੇ ‘ਤੇ ਜਾਇਜ਼ਾ ਲਿਆ ਅਤੇ ਤੋਲ ਚੈਕ ਕੀਤੇ ਗਏ, ਜੋ ਸਹੀ ਪਾਏ ਗਏੇ।
                 ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।ਦਾਣਾ ਮੰਡੀ ਨੌਰੰਗਪੁਰ ਵਿੱਚ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਮ ਕਰਕੇ ਕਿਸਾਨ ਸੋਚਦੇ ਹਨ ਕਿ ਖੇਤੀ ਜਿਨਸਾਂ ਦਾ ਮੰਡੀਕਰਨ ਪੈਦਾਵਾਰ ਤੋਂ ਬਾਅਦ ਵਿੱਚ ਸ਼ੁਰੂ ਹੁੰਦਾ ਹੈ, ਜਦ ਕਿ ਕਿਸਾਨਾਂ ਨੂੰ ਫਸਲ ਦੀ ਬਿਜਾਈ ਤੋਂ ਪਹਿਲਾਂ ਹੀ ਮੰਡੀਕਰਨ ਬਾਰੇ ਸੋਚਣਾ ਚਾਹੀਦਾ ਹੈ।
                   ਝੋਨੇ ਦੀਆਂ ਕਿਸਮਾਂ ਸੰਬੰਧੀ ਪਾਏ ਜਾ ਰਹੇ ਭੁਲੇਖਿਆ ਬਾਰੇ ਕਿਹਾ ਕਿ ਝੋਨੇ ਦੀ ਕਿਸੇ ਵੀ ਕਿਸਮ ਨੂੰ ਜਾਰੀ ਕਰਨ ਤੋਂ ਪਹਿਲਾਂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰਧਾਨਗੀ ਹੇਠ ਬਣੀ ਸਟੇਟ ਵੈਰਾਇਟੀ ਅਪਰੂਵਲ ਕਮੇਟੀ ਵਿੱਚ ਸ਼ੈਲਰ ਐਸੋਸੀਏਸ਼ਨ, ਖ੍ਰੀਦ ਏਜੰਸੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਦੇ ਨੁਮਾਇੰਦੇ ਸ਼ਾਮਿਲ ਹੂੰਦੇ ਹਨ, ਜੋ ਕਿਸਮ ਨੂੰ ਪੂਰੀ ਤਰਾਂ ਘੋਖ ਕੇ ਜਾਰੀ ਕਰਦੇ ਹਨ। ਉਨਾਂ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ। ਜੇਕਰ ਆੜਤੀ “ਜੇ” ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ।ਕਈ ਆੜਤੀਆਂ ਨੇ ਜਾਅਲੀ “ਜੇ” ਫਾਰਮ ਵੀ ਛਪਵਾਏ ਹੁੰਦੇ ਹਨ, ਜਿਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸਲੀ “ਜੇ” ਫਾਰਮ ਉਪਰ ਸਕੱਤਰ ਮਾਰਕੀਟ ਕਮੇਟੀ ਦੀ ਮੋਹਰ ਲੱਗੀ ਹੁੰਦੀ ਹੈ।
                   ਡਾ. ਮਨਦੀਪ ਕੌਰ ਨੇ ਕਿਹਾ ਕਿ ਵੱਖ-ਵੱਖ ਕਿਸਮਾਂ ਦੀ ਕਟਾਈ ਹਮੇਸ਼ਾਂ ਅਲੱਗ-ਅਲੱਗ ਹੀ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਭਵਿੱਖ ਵਿੱਚ ਹਾਈਬ੍ਰਿਡ ਕਿਸਮਾਂ ਦੀ ਬਜ਼ਾਏ ਸਿਫਾਰਸ਼ਸ਼ੁਦਾ ਝੋਨੇ ਦੀਆਂ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ ਤਾਂ ਜੋ ਬੇਲੋੜੀ ਖੱਜ਼ਲ ਖਰਾਬੀ ਤੋਂ ਬਚਿਆ ਜਾ ਸਕੇ।ਇਸ ਮੌਕੇ ਝੋਨੇ ਦੀ ਹੋ ਰਹੀ ਤੁਲਾਈ ਅਤੇ ਨਮੀ ਚੈਕ ਕੀਤੀ ਗਈ ਅਤੇ ਤੋਲ ਸਹੀ ਪਾਏ ਗਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …