ਮੇਅਰ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਵਾਸੀਆਂ ਵਲੋਂ ਕੀਤਾ ਮੁੱਖ ਮੰਤਰੀ ਦਾ ਧੰਨਵਾਦ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਸਰੇ ਪੜਾਅ ਅਧੀਨ 125 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਸਥਾਨਕ ਮਾਲ ਰੋਡ ਸਕੂਲ ਵਿਚ ਕਰਵਾਏ ਸਮਾਗਮ ਵਿਚ ਇੰਟਰਨੈਟ ਜ਼ਰੀਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ।ਉਨਾਂ ਨੇ ਸਾਰੇ ਪੰਜਾਬ ਦੇ ਸ਼ਹਿਰੀ ਹਲਕਿਆਂ ਲਈ ਕਰੀਬ 11000 ਕਰੋੜ ਰੁਪਏ ਦੇ ਕੰਮ ਅਰੰਭ ਕੀਤੇ।ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਚੇਅਰਮੈਨ ਦਿਨੇਸ਼ ਬੱਸੀ ਨੇ ਅੰਮ੍ਰਿਤਸਰ ਵਿਚ 125 ਕਰੋੜ ਰੁਪਏ ਨਾਲ ਹੋਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖਿਆ।ਨਗਰ ਨਿਗਮ ਦੇ ਚੱਲ ਰਹੇ ਕੰਮਾਂ ਦੇ ਵਿਸਥਾਰਤ ਵੇਰਵੇ ਦੱਸਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ ਕਿ ਪੰਜਾਬ ਦੀ 40 ਫੀਸਦੀ ਅਬਾਦੀ ਸ਼ਹਿਰਾਂ ਵਿੱਚ ਵੱਸਦੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ ਕਿ ਸਾਡੇ ਸ਼ਹਿਰ ਦੇਸ਼ ਦੇ ਖੂਬਸੂਰਤ ਸ਼ਹਿਰ ਬਣਨ।ਉਨਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਮੁੱਖ ਮੰਤਰੀ ਨੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ।
ਉਨਾਂ ਦੱਸਿਆ ਕਿ ਅੱਜ ਅੰਮਿ੍ਰਤਸਰ ਵਿਚ ਜਿਹੜੇ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਨਾਂ ਵਿਚ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਦੀ ਮੁੜ ਉਸਾਰੀ, 24 ਘੰਟੇ ਪਾਣੀ ਦੀ ਸਪਲਾਈ, ਸੀਵਰੇਜ ਦੀ ਸਹੂਲਤ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਗਰ ਨਿਗਮ ਅੰਮ੍ਰਿਤਸਰ ਨੂੰ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪਹਿਲੇ ਪੜਾਅ ਵਿਚ 15 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਸੋਨੀ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਦੀਆਂ ਨਗਰ ਕੌਸਲਾਂ ਜਿਵੇਂ ਕਿ ਅਜਨਾਲਾ, ਜੰਡਿਆਲਾ ਗੁਰੂ, ਰਮਦਾਸ ਅਤੇ ਰਾਜਾਸਾਂਸੀ ਵਿਚ ਵੀ 106.43 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।ਉਨਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਾਂ ਦੌਰਾਨ ਅਜਨਾਲਾ, ਜੰਡਿਆਲਾ ਗੁਰੂ, ਰਾਜਾਸਾਂਸੀ, ਮਜੀਠਾ, ਰਈਆ ਅਤੇ ਰਮਦਾਸ ਨਗਰ ਕੌਂਸਲਾਂ ਵਿਚ ਪੰਜਾਬ ਸਰਕਾਰ ਵੱਲੋਂ 3337.31 ਲੱਖ ਰੁਪਏ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਬਿਨਾਂ ਰੁਕੇ ਜਾਰੀ ਹੈ।
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਸ਼ਹਿਰੀ ਵਿਕਾਸ ਲਈ ਵੱਡਾ ਹੰਭਲਾ ਦੱਸਦੇ ਕਿਹਾ ਕਿ ਇਹ ਪਿਛਲੇ 10 ਸਾਲਾਂ ਦਾ ਖਲਾਅ ਪੂਰਾ ਹੋਵੇਗਾ।ਸੁਨੀਲ ਦੱਤੀ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਨਹਿਰਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਤੇ ਪੌਸ਼ਟਿਕ ਪੀਣ ਵਾਲਾ ਪਾਣੀ ਮਿਲੇਗਾ, ਉਥੇ ਜ਼ਮੀਨਦੋਜ਼ ਪਾਣੀ ਦੀ ਵੀ ਬਚਤ ਹੋਵੇਗੀ।ਉਨਾਂ ਇਸ ਵੱਡੇ ਕਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।
ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਇਸ ਨੂੰ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨਾ ਦੱਸਿਆ ਕਿ ਇਸ ਨਾਲ ਸ਼ਹਿਰਾਂ ਦੀ ਕਾਇਆ ਕਲਪ ਹੋਵੇਗੀ। ਉਨਾਂ ਕਿਹਾ ਕਿ ਅੱਜ ਦੀ ਇਸ ਸ਼ੁਰੂਆਤ ਨੇ ਦੱਸ ਦਿੱਤਾ ਕਿ ਕੈਪਟਨ ਸਾਹਿਬ ਕਹਿਣੀ ਤੇ ਕਰਨੀ ਦੇ ਪੂਰੇ ਹਨ।
ਮੇਅਰ ਕਰਮਜੀਤ ਸਿੰਘ ਰਿੰਟੂ, ਜਿੰਨਾ ਨੇ ਪੰਜਾਬ ਦੇ ਮੇਅਰਾਂ ਵੱਲੋਂ ਰਾਜ ਪੱਧਰੀ ਸਮਾਗਮ ਨੂੰ ਵੀ ਸੰਬੋਧਨ ਕੀਤਾ ਨੇ ਮੁੱਖ ਮੰਤਰੀ ਨੂੰ ਅੱਜ ਵੱਡੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੀ ਵਾਰ ਸ਼ਹਿਰਾਂ ਦਾ ਚੌਤਰਫਾ ਵਿਕਾਸ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਅੰਮਿ੍ਤਸਰ ਨੂੰ ਰਾਵੀ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਕਰੀਬ 2200 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ।
ਚੇਅਰਮੈਨ ਦਿਨੇਸ਼ ਬੱਸੀ ਨੇ ਇੰਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਕੇਵਲ ਪਾਣੀਆਂ ਜਾਂ ਕਿਰਸਾਨੀ ਦੇ ਰਾਖੇ ਨਹੀਂ, ਬਲਕਿ ਸਮੁੱਚੇ ਪੰਜਾਬ ਦੇ ਰਾਖੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਵਧੀਕ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਡਿਪਟੀ ਡਾਇਰੈਕਟਰ ਰਜ਼ਤ ਉਬਰਾਏ, ਅਦਿੱਤਿਆ ਦੱਤੀ, ਐਸ.ਡੀ.ਐਮ ਵਿਕਾਸ ਹੀਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।