ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ
ਖੇਤੀਬਾੜੀ ਅਫਸਰ ਦੇ ਹੁਕਮਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਰਨਾ ਦਾਣਾ ਮੰਡੀ ਦਾ ਦੌਰਾ ਕਰਕੇ ਹੋ ਰਹੀ ਝੋਨੇ ਦੀ ਜਿਨਸ ਦੀ ਤੁਲਾਈ ਦਾ ਨਿਰੀਖਣ ਕੀਤਾ।ਉਨਾਂ ਦੇ ਨਾਲ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਮੰਡੀ ਸੁਪਰਵਾਈਜ਼ਰ ਰਜ਼ਨੀਸ਼ ਕੁਮਾਰ, ਗੁਰਨਾਮ ਸਿੰਘ ਛੀਨਾ ਪ੍ਰਧਾਨ ਆੜਤੀ ਐਸੋਸੀਏਸ਼ਨ ਅਤੇ ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਹਾਜ਼ਰ ਸਨ।ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਵਲੋਂ ਵਿਸ਼ੇਸ ਮੂਹਿੰਮ ਚਲਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਜਾਗਰੁਕ ਕੀਤਾ।ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਂਣ ਕਰਕੇ ਹੋਣ ਵਾਲੇ ਨੁਕਸਾਨ ਬਾਰੇ ਵੀ ਦੱਸਿਆ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਖੇਤੀਬਾੜੀ ਨੁੰ ਦਰਪੇਸ਼ ਚੁਣੌਤੀਆਂ ਨੂੰ ਮੁਖ ਰੱਖਦਿਆਂ ਕਿਸਾਨਾਂ ਨੂੰ ਰਵਾਇਤੀ ਸੋਚ ਤਿਆਗ ਕੇ ਵਿਉਪਾਰਕ ਸੋਚ ਦੇ ਧਾਰਨੀ ਬਨਣਾ ਹੋਵੇਗਾ।ਉਨਾਂ ਕਿਹਾ ਕਿ ਕਿਸਾਨਾਂ ਨੂੰ ਜਿਨਸ ਦੀ ਤੁਲਾਈ ਅਤੇ ਵਿਕਰੀ ਸਮੇਂ ਵਧੇਰੇ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਉਨਾਂ ਕਿਹਾ ਕਿ ਆਮ ਕਿਸਾਨਾਂ ਨੂੰ ਤੁਲਾਈ ਬਾਰੇ ਗਿਆਨ ਨਹੀਂ ਹੁੰਦਾ, ਜਿਸ ਕਾਰਨ ਤੁਲਾਈ ਸਮੇਂ ਕਿਸਾਨ ਦੇ ਮੌਜੂਦ ਹੋਣ ਦੇ ਬਾਵਜੂਦ ਕੁੱਝ ਤੋਲੇ ਜਿਨਸ ਦੀ ਵੱਧ ਤੁਲਾਈ ਕਰਕੇ ਕਿਸਾਨ ਨੂੰ ਨੁਕਸਾਨ ਕਰਦੇ ਹਨ। ਉਨਾਂ ਕਿਹਾ ਕਿ ਝੋਨੇ ਦੀ ਤੁਲਾਈ 37.500 ਕਿਲੋ ਪ੍ਰਤੀ ਬੋਰੀ ਦੀ ਭਰਾਈ ਕੀਤੀ ਜਾ ਰਹੀ ਅਤੇ ਬੋਰੀ ਦਾ ਭਾਰ 750 ਗ੍ਰਾਮ ਮਿਲਾ ਕੇ 38 ਕਿਲੋ 200 ਤੁਲਾਈ ਕਰਨੀ ਹੁੰਦੀ ਹੈ।ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ “ਜੇ” ਫਾਰਮ ਜ਼ਰੂਰ ਲਿਆ ਜਾਵੇ।
ਉਨਾਂ ਕਿਹਾ ਕਿ ਭਵਿੱਖ ਵਿੱਚ ਹਾਈਬ੍ਰਿਡ ਕਿਸਮਾਂ ਦੀ ਬਜ਼ਾਏ ਸਿਫਾਰਸ਼ਸ਼ੁਦਾ ਝੋਨੇ ਦੀਆਂ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ ਤਾਂ ਜੋ ਬੇਲੋੜੀ ਖੱਜਲ ਖਰਾਬੀ ਤੋਂ ਬਚਿਆ ਜਾ ਸਕੇ।
Punjab Post Daily Online Newspaper & Print Media