Thursday, April 16, 2026

ਸਿੱਖ ਪ੍ਰਚਾਰਕਾਂ ਦੇ 100 ਪਰਿਵਾਰਾਂ ਨੂੰ ਸਰਬਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਟਰੱਸਟ 2 ਲੱਖ ਤੋਂ ਵਧੇਰੇ ਪਰਿਵਾਰਾਂ ਨੂੰ ਵੰਡ ਚੁੱਕਾ ਹੈ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ -ਸਿੱਧੂ, ਸੰਧੂ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁਟੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਗ੍ਰੰਥੀ ਸਿੰਘਾਂ ਤੇ ਹੋਰਨਾਂ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ।
                 ਅੰਮ੍ਰਿਤਸਰ ਨੇੜਲੇ ਪਿੰਡ ਸੋਹੀਆਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਇਲਾਕੇ ਦੇ ਰੁਜ਼ਗਾਰਹੀਣ ਹੋਏ ਗ੍ਰੰਥੀ ਸਿੰਘਾਂ ਤੇ ਹੋਰਨਾਂ ਸੇਵਾਦਾਰਾਂ ਨੂੰ ਰਾਸ਼ਨ ਵੰਡਣ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ 2 ਲੱਖ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਤੋਂ ਇਲਾਵਾ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਤੇ ਹੋਰ ਧਾਰਮਿਕ ਸਮਾਗਮ ਆਦਿ `ਚ ਪਹਿਲਾਂ ਦੀ ਤਰ੍ਹਾਂ ਨਾ ਹੋਣ ਕਾਰਨ ਰੋਜ਼ੀ-ਰੋਟੀ ਤੋਂ ਆਤੁਰ ਹੋਏ ਲੋੜਵੰਦ ਪਾਠੀ ਰਾਗੀ, ਢਾਡੀ ਸਿੰਘਾਂ, ਕਵੀਸ਼ਰਾਂ ਅਤੇ ਕਥਾ ਵਾਚਕਾਂ ਦੇ 15 ਹਜ਼ਾਰ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਵੀ ਸੁੱਕਾ ਰਾਸ਼ਨ ਵੰਡਿਆ ਗਿਆ ਹੈ।
               ਇਸ ਦੌਰਾਨ ਪਾਠੀ ਸਿੰਘਾਂ ਦੇ ਆਗੂ ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ, ਨਰੈਣ ਸਿੰਘ, ਸੁਲੱਖਣ ਸਿੰਘ, ਸਰੂਪ ਸਿੰਘ ਆਦਿ ਨੇ ਔਖੀ ਘੜੀ ਵੇਲੇ ਗੁਰੂ ਘਰ ਦੇ ਵਜ਼ੀਰਾਂ ਦੀ ਮਦਦ ਲਈ ਅੱਗੇ ਆਉਣ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ ਸਿੰਘ ਓਬਰਾਏ ਦਾ ਵਿਸ਼ੇਸ਼ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਦੇ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਪਰਉਪਕਾਰਾਂ ਨਾਲ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ।ਰਾਸ਼ਨ ਵੰਡਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਡਾ.ਐਸ.ਪੀ ਸਿੰਘ ਓਬਰਾਏ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …