ਬੇਰੋਜ਼ਗਾਰੀ ਕਾਰਨ ਹੀ ਵੱਧ ਰਹੀ ਹੈ ਮੌਤਾਂ ਦੀ ਦਰ – ਡਾ. ਓਬਰਾਏ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਪਾ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਬੇਟ ਨਾਲ ਸਬੰਧਤ 45 ਸਾਲਾ ਸੁਖਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜਿਆ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਾਫ਼ੀ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ `ਚ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ ਕਿ ਅਚਾਨਕ ਬੀਤੀ 21-22 ਸਤੰਬਰ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।ਉਨ੍ਹਾਂ ਦੱਸਿਆ ਕਿ ਜਦ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਸੁਖਵਿੰਦਰ ਦਾ ਮ੍ਰਿਤਕ ਸਰੀਰ ਲਿਆ ਕੇ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ `ਚ ਹਵਾਈ ਅੱਡੇ ‘ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 211 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਜਾ ਚੁੱਕੇ ਹਨ।ਕੁੱਝ ਦਿਨ ਪਹਿਲਾਂ ਹੀ ਟਰੱਸਟ ਵੱਲੋਂ ਰਾਜਸਥਾਨ ਦੇ ਜੈਪੁਰ ਨਾਲ ਸਬੰਧਤ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਲਿਆਂਦਾ ਗਿਆ ਸੀ।
ਇੱਕ ਸਵਾਲ ਦੇ ਜਵਾਬ ‘ਚ ਡਾ. ਓਬਰਾਏ ਨੇ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਪਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ `ਚ ਹੋ ਰਹੇ ਵਾਧੇ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਂਮਾਰੀ ਦੇ ਕਾਰਨ ਕੰਮ ਬੰਦ ਹੋਣਾ ਜਾਂ ਘਟਣਾ ਹੈ।
ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਸੁਖਵਿੰਦਰ ਸਿੰਘ ਦੇ ਕਰੀਬੀ ਰਿਸ਼ਤੇਦਾਰ ਸਰਵਣ ਸਿੰਘ, ਮਲਕੀਤ ਸਿੰਘ, ਰੁਪਿੰਦਰ ਸਿੰਘ, ਕਸ਼ਮੀਰ ਸਿੰਘ, ਰਜਿੰਦਰਜੀਤ ਸਿੰਘ ਆਦਿ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਡਾ. ਓਬਰਾਏ ਦੀ ਬਦੌਲਤ ਹੀ ਸੁਖਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ।