Monday, September 28, 2026

ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਤੰਦਰੁਸਤ ਪੰਜਾਬ ਸਿਹਤ ਕੇਂਦਰ – ਦੱਤੀ

ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰੋਗ-ਮੁਕਤ ਪੰਜਾਬ ਵੱਲ ਵੱਡੀ ਪੁਲਾਂਘ ਪੁੱਟਦਿਆਂ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੇਂਡੂ ਖੇਤਰ ਨਾਲ ਸਬੰਧਤ ਲੋਕਾਂ ਨੂੰ ਹੋਰ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਅਲ ਪ੍ਰੋਗਰਾਮ ਦੌਰਾਨ ਉਦਘਾਟਨ ਕੀਤਾ ਗਿਆ।
                  ਸਿਵਲ ਹਸਪਤਾਲ ਵਿਖੇ ਵਰਚੂਅਲ ਮੀਟਿੰਗ ਦੌਰਾਨ ਸੁਨੀਲ ਦੱਤੀ ਹਲਕਾ ਵਿਧਾਇਕ ਉਤਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਗਰੀਬ ਲੋਕਾਂ ਨੂੰ ਆਪਣੇ ਘਰ ਦੇ ਨਜ਼ਦੀਕ ਤੋਂ ਹੀ ਸਿਹਤ ਸੇਵਾਵਾਂ ਉਪਲਬੱਧ ਹੋਣਗੀਆਂ।ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡ ਪੱਧਰ ‘ਤੇ ਸਥਿਤ ਸਬ ਸੈਂਟਰਾਂ ਨੂੰ ਅਪਗ੍ਰੇਡ ਕਰਕੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਨਾਂ ਕੇਂਦਰਾਂ ਵਿਚ ਡਾਕਟਰੀ ਸਟਾਫ਼ ਤੋਂ ਇਲਾਵਾ ਹੋਰ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜੋ ਕਿ ਪੇਂਡੂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।
              ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹੇਠਲੇ ਤੋਂ ਹੇਠਲੇ ਪੱਧਰ ਤੱਕ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ।ਉਨਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਫਰੰਟ ਲਾਈਨ ‘ਤੇ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਮਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਵੀ ਇਨਾਂ ਵਲੋਂ ਬਾਖੂਬੀ ਆਪਣੀ ਡਿਊਟੀ ਨੂੰ ਅੰਜ਼ਾਮ ਦਿੱਤਾ ਗਿਆ ਹੈ।
                   ਵਰਚੂਅਲ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਲੋਕਾਂ ਦੀ ਸ਼ੁਰੂਆਤੀ ਸਮੇਂ ਹੀ ਬਿਮਾਰੀ ਪਕੜ ਵਿਚ ਆਉਣ ਕਰਕੇ ਉਸ ਦਾ ਸਹੀ ਸਮੇਂ ਸਿਰ ਇਲਾਜ਼ ਕੀਤਾ ਜਾ ਸਕੇਗਾ।ਖਹਿਰਾ ਨੇ ਦੱਸਿਆ ਕਿ ਜ਼ਿਲੇ ਵਿੱਚ ਪਹਿਲਾਂ ਹੀ 137 ਤੰਦਰੁਸਤ ਪੰਜਾਬ ਸਿਹਤ ਕੇਂਦਰ ਕੰਮ ਕਰ ਰਹੇ ਹਨ।ਜਿਨਾਂ ਵਿੱਚ ਕਮਿਊਨਿਟੀ ਸਿਹਤ ਅਫ਼ਸਰਾਂ ਵਲੋਂ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਇਨਾਂ ਸਿਹਤ ਕੇਂਦਰਾਂ ਦੀਆਂ ਸਾਰੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮਿਲ ਸਕਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨ।ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
                   ਖਹਿਰਾ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਵਲੋਂ ਕਾਫ਼ੀ ਅਣਗਹਿਲੀ ਕੀਤੀ ਗਈ ਹੈ।ਉਨਾਂ ਕਿਹਾ ਕਿ ਦੂਜੀ ਲਹਿਰ ਤੋਂ ਅਸੀਂ ਤਾਂ ਹੀ ਬਚ ਸਕਦੇ ਹਾਂ ਜੇਕਰ ਅਸੀਂ ਸਾਰੇ ਮਾਸਕ ਦੀ ਵਰਤੋਂ ਕਰੀਏ, ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰੀਏ।ਉਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਸਿਹਤ ਬੀਮਾ ਯੋਜਨਾ, ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
                    ਇਸ ਤੋਂ ਪਹਿਲਾਂ ਵਰਚੁਅਲ ਮੀਟਿੰਗ ਮੌਕੇ ਕੋਵਿਡ-19 ਦੇ ਦੌਰ ਵਿੱਚ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਕਾਰਜ਼ਗਾਰੀ ਦਿਖਾਉਂਦੀ ਹੋਈ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ।ਕੋਵਿਡ-19 ਮਹਾਂਮਾਰੀ ਦੌਰਾਨ ਡਾਕਟਰਾਂ ਵਲੋਂ ਆਪਣੀ ਡਿਊਟੀ ਦੌਰਾਨ ਨਿਭਾਏ ਗਏ ਕਾਰਜ਼ਾਂ ਤੇ ਤਜ਼ਰਬਿਆਂ ਨੂੰ ਵੀ ਸਾਂਝਾ ਕੀਤਾ ਗਿਆ।
                    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਮੈਡਮ ਅਨਮਜੋਤ ਕੌਰ, ਐਸ.ਡੀ.ਐਮ ਵਿਕਾਸ ਹੀਰਾ, ਸਿਵਲ ਸਰਜਨ ਡਾ. ਨਵਦੀਪ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਸਪ੍ਰੀਤ ਸ਼ਰਮਾ, ਡਾ. ਚਰਨਜੀਤ ਸਿੰਘ, ਡਾ. ਮਦਨ ਮੋਹਨ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠਿਆ, ਸ੍ਰੀਮਤੀ ਮਮਤਾ ਦੱਤਾ ਅਤੇ ਸਿਹਤ ਵਿਭਾਗ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …