ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ
ਕੀਤਾ ਹੈ।ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਵਿਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ।ਇਸੇ ਤਹਿਤ ਹੀ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਹਿੱਸਾ ਬਣੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਬੰਦ ਦੇ ਸਮਰਥਨ ਵਿਚ ਦਫਤਰ ਬੰਦ ਰੱਖਣ ਲਈ ਆਖਿਆ ਹੈ ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨਾਂ ਦੀ ਚ੍ਹੜਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਨ ਦਾ ਫੈਸਲਾ ਵੀ ਕੀਤਾ ਹੋਇਆ ਹੈ।ਇਹ ਅਰਦਾਸ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਹੋਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਰਦਾਸ ਸਮਾਗਮ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਕਮੇਟੀ ਦਾ ਸਟਾਫ ਵੀ ਹਾਜ਼ਰ ਹੋਵੇਗਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media