ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨਾਲ ਕੀਤੇ
ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ।ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਗਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇਕ ਤਸਵੀਰ ਵਿਚ ਉਸ ਦੇ ਪੈਰਾਂ ਵਿਚ ਦਿਸ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਸਬੰਧਤ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਸਬੰਧਤ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਆਖਿਆ ਕਿ ਪਾਵਨ ਗੁਰਬਾਣੀ ਅਤੇ ਮਨੁੱਖਤਾ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੇ ਦਾਇਰੇ ਵਿਚ ਰਹਿਣ ਅਤੇ ਅਜਿਹੀ ਗਲਤੀ ਨਾ ਕਰਨ, ਜਿਸ ਨਾਲ ਸੰਗਤਾਂ ਅੰਦਰ ਤਲਖੀ ਪੈਦਾ ਹੋਵੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media