ਕੋਰੋਨਾ ਮਹਾਂਮਾਰੀ ਅਤੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ
ਮੀਟਿੰਗ ਵਿੱਚ ਜਿਲ੍ਹਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸਿਕਾਇਤਾਂ ‘ਤੇ ਸਖਤ ਰੁਖ ਅਪਣਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁੱਝ ਡਿਪੂ ਹੋਲਡਰਾਂ ਵੱਲੋਂ ਲੋੜਵੰਦਾਂ ਨੂੰ ਘੱਟ ਗਿਣਤੀ ਵਿੱਚ ਕਣਕ ਸਪਲਾਈ ਕੀਤੀ ਜਾ ਰਹੀ ਹੈ।ਜਿਸ ‘ਤੇ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਹੋਵੇ।
ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸੋਨੀ, ਜਿਲ੍ਹਾ ਅਧਿਕਾਰੀਆਂ ਅਤੇ ਕਮੇਟੀ ਦੇ ਮੈਂਬਰ ਸਾਹਿਬਾਨਾਂ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਵਿਅਕਤੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਜਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸਨ ਵੱਲੋਂ ਬਾਖੂਬੀ ਆਪਣੀ ਡਿਊਟੀ ਨੂੰ ਨਿਭਾਇਆ ਗਿਆ ਹੈ।ਮੀਟਿੰਗ ਦੌਰਾਨ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸ਼ਿਕਾਇਤਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਸ ਦਾ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਨਿਪਟਾਰਾ ਕੀਤਾ ਗਿਆ।
ਸੋਨੀ ਨੇ ਉਥੇ ਸਖ਼ਤ ਲਫ਼ਜਾਂ ਵਿੱਚ ਸਪੱਸ਼ਟ ਕੀਤਾ ਕਿ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਜਿਲ੍ਹਾ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਹੀਨੇ ਦੇ ਹਰ ਪਹਿਲੇ ਸੋਮਵਾਰ ਇਹ ਮੀਟਿੰਗ ਨਿਰੰਤਰ ਹੋਵੇਗੀ ਜਿਸ ਵਿੱਚ ਸ਼ਹਿਰ ਦੇ ਮਸਲੇ ਵਿਚਾਰੇ ਅਤੇ ਹੱਲ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਦੀ ਸ਼ਿਕਾਇਤ ਪ੍ਰਾਪਤ ਹੋਣ ‘ਤੇ ਸਮਾਂਬੱਧ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ ਮੈਡਮ ਅਨਾਇਤ ਗੁਪਤਾ, ਐਸ.ਪੀ ਕੰਵਲਪ੍ਰੀਤ ਸਿੰਘ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ.ਡੀ.ਐਮ ਅਜਨਾਲਾ ਦੀਪਕ ਭਾਟੀਆ, ਡਿਪਟੀ ਡਾਇਰੈਕਟਰ ਰਜ਼ਤ ਓਬਰਾਏ, ਅੰਮ੍ਰਿਤਸਰ ਸ਼ਹਿਰੀ ਕਾਂਗਰਸ ਪ੍ਰਧਾਨ ਮੈਡਮ ਜਤਿੰਦਰ ਸੋਨੀਆ, ਜਿਲ੍ਹਾ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਰਵਿੰਦਰ ਕੁਮਾਰ ਹੰਸ, ਡਾ: ਸੰਜੀਵ ਅਰੋੜਾ, ਕਾਮਰੇਡ ਲਖਬੀਰ ਸਿੰਘ, ਸੁੱਚਾ ਸਿੰਘ, ਗਿਆਨ ਸਿੰਘ ਸੱਗੂ, ਹਰੀਦੇਵ ਸ਼ਰਮਾ, ਵਰਿੰਦਰਜੀਤ ਸਿੰਘ ਮਾਨ, ਤਾਰਾ ਚੰਦ ਭਗਤ, ਪੰਕਜ ਚੌਹਾਨ, ਡਾ: ਰਾਮ ਚਾਵਲਾ, ਧਰਮਵੀਰ ਸਰੀਨ, ਪ੍ਰਭਦਿਆਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media