Monday, November 23, 2026

ਖ਼ਾਲਸਾ ਸਾਜਨਾ ਦਿਵਸ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸੋਂ 20 ਜਨਵਰੀ ਤੱਕ ਪਾਸਪੋਰਟ ਮੰਗੇ

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ।ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
                   ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ 2021 ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …