ਐਨ.ਆਈ.ਏ ਵਰਤੋਂ ਨਾਲ ਕਿਸਾਨਾਂ ਤੇ ਸਰਕਾਰ ‘ਚ ਤਲਖ਼ੀ ਦੇਸ਼ ਹਿੱਤ ਵਿੱਚ ਨਹੀਂ
ਮਹਿਤਾ ਚੌਕ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਸਿਆਸੀ ਮੁਫ਼ਾਦ ਲਈ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਕੇਂਦਰੀ ਏਜੰਸੀ ਐਨ.ਆਈ.ਏ ਵੱਲੋਂ ਕਿਸਾਨੀ ਸੰਘਰਸ਼ ਨਾਲ ਜੁੜੇ ਸਿੱਖ ਆਗੂਆਂ ਅਤੇ ਸਮਰਥਕਾਂ ਨੂੰ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ ਤੇ ਦੇਸ਼ਧ੍ਰੋਹ ਦੀਆਂ ਸੰਗੀਨ ਧਾਰਾਵਾਂ ਹੇਠ ਦਰਜ਼ ਕੇਸਾਂ ਵਿਚ ਪੁੱਛਗਿੱਛ ਲਈ ਨੋਟਿਸ ਜਾਰੀ ਕਰਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨੀ ਲਹਿਰ ਨੂੰ ਦਬਾਉਣ ਲਈ ਮੋਦੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਤਾਨਾਸ਼ਾਹੀ ਨਾਲ ਦੇਸ਼ ਦੇ ਕਿਸਾਨਾਂ ਅਤੇ ਸਰਕਾਰ ਵਿਚ ਤਲਖ਼ੀ ਵਧੇਗੀ, ਜੋ ਕਿ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗਾ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਲੋਕਪੱਖੀ ਸਰਕਾਰਾਂ ਦਾ ਕੰਮ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਮੁਸ਼ਕਲਾਂ ਦਾ ਹੱਲ ਕਰਨਾ ਹੁੰਦਾ ਹੈ।ਪਰ ਮੋਦੀ ਸਰਕਾਰ ਲੋਕਤੰਤਰ ਦੀਆਂ ਭਾਵਨਾਵਾਂ ਨੂੰ ਸਮਝਣ `ਚ ਅਸਮਰੱਥ ਦਿਖਾਈ ਦੇ ਰਹੀ ਹੈ।ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਆਏ ਕੁੱਝ ਫ਼ੈਸਲਿਆਂ ਨੇ ਇਹ ਪ੍ਰਭਾਵ ਦਿੱਤਾ ਕਿ ਅਦਾਲਤ ਵੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਆਸਾਂ-ਉਮੀਦਾਂ ਨਾਲ ਨਿਆਂ ਨਹੀਂ ਕਰ ਸਕੀ।ਭਾਵੇਂ ਕਿ ਸੁਪਰੀਮ ਕੋਰਟ ਨੇ ਸ਼ਾਂਤਮਈ ਅੰਦੋਲਨ ਕਰਨ ਦੇ ਹੱਕ ਨੂੰ ਸਵੀਕਾਰ ਕੀਤਾ ਅਤੇ ਖੇਤੀ ਕਾਨੂੰਨਾਂ ਦੇ ਅਮਲ `ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਦੇ ਮੁਖੀ ਵੱਲੋਂ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਸਾਨੀ ਅੰਦੋਲਨ ਪ੍ਰਤੀ ਕੇਂਦਰ ਸਰਕਾਰ ਦੀ ਪਹੁੰਚ ਸੰਬੰਧੀ ਕੀਤੀਆਂ ਗਈਆਂ ਟਿੱਪਣੀਆਂ ਇਹ ਦੱਸ ਰਹੀਆਂ ਹਨ ਕਿ ਸਰਕਾਰ ਆਪਣਾ ਫਰਜ਼ ਨਿਭਾਉਣ `ਚ ਨਾਕਾਮ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਬਰ ਜ਼ੁਲਮ ਦਾ ਹਮੇਸ਼ਾਂ ਡਟ ਕੇ ਮੁਕਾਬਲਾ ਕੀਤਾ ਹੈ।ਪੰਜਾਬ ਤੋਂ ਸ਼ੁਰੂ ਹੋਏ ਮੌਜ਼ੂਦਾ ਕਿਸਾਨ ਅੰਦੋਲਨ ਵਿਚ ਪੰਜਾਬੀਆਂ ਦਾ ਸਦੀਆਂ ਤੋਂ ਕਮਾਇਆ ਅਨਿਆਂ ਵਿਰੁੱਧ ਲੜਨ ਦਾ ਜਜ਼ਬਾ, ਸਾਂਝੀਵਾਲਤਾ, ਸਿਦਕ, ਸਬਰ, ਸੰਜ਼ਮ ਅਤੇ ਜਮਹੂਰੀ ਕਿਰਦਾਰ ਝਲਕਦਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਫੇਲ ਕਰਨ ਲਈ ਹਾਲ ਹੀ `ਚ ਜਿਵੇਂ ਕੇਂਦਰੀ ਏਜੰਸੀ ਐਨ.ਆਈ.ਏ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਉਹ ਅਣ ਐਲਾਨੀ ਐਮਰਜੈਂਸੀ ਦੇ ਸਮਾਨ ਹੈ।ਉਨ੍ਹਾਂ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ।ਤਿੰਨ ਮਹੀਨੇ ਤੋਂ ਚੱਲ ਰਹੇ ਅੰਦੋਲਨ ਦੌਰਾਨ ਜਦੋਂ ਕੇਂਦਰੀ ਸਰਕਾਰ ਦੁਆਰਾ ਬਣਾਏ ਕਾਨੂੰਨਾਂ ਦੇ ਵਿਰੋਧ ਵਿਚ ਲੋਕ ਲਹਿਰ ਖੜ੍ਹੀ ਹੋ ਚੁੱਕੀ ਹੈ ਤਾਂ ਅਜਿਹੀ ਸਥਿਤੀ ‘ਚ ਸਰਕਾਰ ਨੂੰ ਅੜੀਅਲ ਵਤੀਰਾ ਛੱਡ ਦੇਣਾ ਚਾਹੀਦਾ ਹੈ।ਉਨ੍ਹਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜ਼ੀਦਗੀ ਵਿਖਾਉਣ ਦੀ ਵੀ ਸਰਕਾਰ ਨੂੰ ਅਪੀਲ ਕੀਤੀ।