ਸੈਰ ਸਪਾਟਾ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ
ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸਰਧਾਂਜਲੀ ਦਿੰਦਿਆਂ ਵਰਚੁਅਲ ਤੌਰ ‘ਤੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ ਸਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ।
ਭਾਰਤ ਦੀ ਆਜਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇਹ ਯਾਦਗਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਅਲੋਚਨਾ ਕਰਨ ਵਾਲਿਆਂ ‘ਤੇ ਵਰ੍ਹਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ।ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ।ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਜਲ੍ਹਿਆਂਵਾਲਾ ਬਾਗ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸਟਰੀ ਪੱਧਰ ਦੇ ਜਸ਼ਨਾਂ ਵਿਚ ਵੀ ਹਿੱਸਾ ਲੈਣਗੇ।
ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਜਲ੍ਹਿਆਂਵਾਲਾ ਬਾਗ ਚੇਅਰ ਸਥਾਪਿਤ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿਚੋਂ ਇੱਕ ਇਸ ਦੁਖਦਾਇਕ ਘਟਨਾ ‘ਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ।ਉਹਨਾਂ ਕਤਲੇਆਮ ਸਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, “ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਂਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ।”
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ।ਉਹਨਾਂ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਛੋਟੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਜਾਣ।ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿਚੋਂ 200-300 ਮੌਤਾਂ ਦੇ ਅੰਕੜਿਆਂ ਸਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸ਼ਹੀਦਾਂ ਦੇ ਨਾਮ ਮੋਜ਼ੂਦ ਹਨ।
ਉਹਨਾਂ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ ਜਿਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਸਨ, ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ।ਉਹਨਾਂ ਨੇ ਚੰਨੀ ਨੂੰ ਇਹਨਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ।ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇਹਨਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ।
ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵਲੋਂ ਸ਼ਨਾਖਤ ਕੀਤੇ ਜਲ੍ਹਿਆਂਵਾਲਾ ਬਾਗ ਦੇ ਸਹੀਦਾਂ ਦੇ 492 ਪਰਿਵਾਰਾਂ ਵਿਚੋਂ 29 ਪਰਿਵਾਰਕ ਮੈਂਬਰਾਂ ਨੂੰ ਕਲਸ ਅਤੇ ਸਾਲ ਭੇਟ ਕਰਕੇ ਸਨਮਾਨਿਤ ਕੀਤਾ।ਸ਼ਨਾਖਤ ਕੀਤੇ ਗਏ ਸਹੀਦਾਂ ਵਿਚ ਖੁਸ਼ੀ ਰਾਮ, ਹਰੀ ਰਾਮ, ਸੁੰਦਰ ਸਿੰਘ ਪੁੱਤਰ ਗਿਆਨ ਸਿੰਘ, ਵਾਸੂ ਮੱਲ, ਜੈ ਨਾਰਾਇਣ, ਗੋਪਾਲ ਸਿੰਘ, ਤਾਰਾ ਚੰਦ, ਬਿਸਨ ਦਾਸ, ਬਖਸੀਸ ਸਿੰਘ, ਪ੍ਰੇਮ ਸਿੰਘ, ਬੀਬੀ ਹਰ ਕੌਰ, ਦਿਆਲ ਸਿੰਘ, ਸੁੰਦਰ ਸਿੰਘ ਪੁੱਤਰ ਨੱਥੂ, ਠਾਕੁਰ ਸਿੰਘ, ਬੂਹੜ ਸਿੰਘ ਪੁੱਤਰ ਤੇਜਾ ਸਿੰਘ, ਬੂਹੜ ਸਿੰਘ ਪੁੱਤਰ ਦੇਵਾ ਸਿੰਘ, ਝੰਡਾ ਸਿੰਘ, ਗੰਡਾ ਸਿੰਘ, ਨੱਥਾ ਸਿੰਘ, ਲਛਮਣ ਸਿੰਘ ਪੁੱਤਰ ਹੀਰਾ ਸਿੰਘ, ਬਿਸਨ ਸਿੰਘ, ਲਛਮਣ ਸਿੰਘ ਪੁੱਤਰ ਦਿਆਲ ਸਿੰਘ, ਬਾਵਾ ਸਿੰਘ, ਅਮੀ ਚੰਦ, ਚੇਤ ਸਿੰਘ, ਬੁੱਢਾ ਸਿੰਘ, ਸੋਹਣ ਸਿੰਘ, ਤਾਰਾ ਸਿੰਘ ਅਤੇ ਈਸ਼ਰ ਸਿੰਘ ਸ਼ਾਮਲ ਹਨ।
ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਰਣਜੀਤ ਐਵੀਨਿਊ ਅੰਮਿ੍ਰਤਸਰ ਦੇ ਅੰਮ੍ਰਿਤ ਆਨੰਦ ਪਾਰਕ ਵਿਖੇ 4490 ਵਰਗ ਮੀਟਰ ਵਿੱਚ ਬਣਾਇਆ ਜਾਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ।ਇਸ ਯਾਦਗਾਰ ਨੂੰ 3.52 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ।ਇਸ ਯਾਦਗਾਰ ਦੇ 15 ਅਗਸਤ 2021 ਤੱਕ ਤਿਆਰ ਹੋਣ ਅਤੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਉਮੀਦ ਹੈ।ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਪ੍ਰਾਜੈਕਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਤਰਸੇਮ ਸਿੰਘ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ, ਵਧੀਕ ਮੁੱਖ ਸਕੱਤਰ ਸੰਜੈ ਕੁਮਾਰ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਸ਼ਿਵਦੁਲਾਰ ਸਿੰਘ ਢਿਲੋਂ ਸਲਾਹਕਾਰ, ਚੇਅਰਮੈਨ ਦਿਨੇਸ਼ ਬੱਸੀ, ਚੇਅਰਮੈਨ ਜੁਗਲ ਕਿਸ਼ੋਰ, ਚੇਅਰਮੈਨ ਮਹੇਸ਼ ਖੰਨਾ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਚੇਅਰਮੈਨ ਪਰਗਟ ਸਿੰਘ ਧੁੰਨਾ, ਡਿਪਟੀ ਮੇਅਰ ਯੁਨਸ ਕੁਮਾਰ, ਡਾ. ਆਂਚਲ ਅਰੋੜਾ, ਗੁਰਦੇਵ ਸਿੰਘ ਝੀਤਾ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Punjab Post Daily Online Newspaper & Print Media