31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜ਼ਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ
ਪੁਰਸਕਾਰ (ਨਾਰੀ ਸਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।
ਜਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪ੍ਰੋਗਰਾਮ ਅਫਸਰ ਪਠਾਨਕੋਟ ਅਮਰਜੀਤ ਸਿੰਘ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਵੋਤਮ ਨਾਗਰਿਕ ਸਨਮਾਨ ‘ਨਾਰੀ ਸਕਤੀ ਪੁਰਸਕਾਰ-2020‘ ਲਈ ਨਾਮਜ਼ਦਗੀਆਂ ਮੰਗੀਆਂ ਹਨ।ਉਨ੍ਹਾਂ ਦੱਸਿਆ ਕਿ 8 ਮਾਰਚ 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸ਼ੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।ਜਿਸ ਅਧੀਨ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ।ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜ਼ੱਰਬਾ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜਾਂ ਸਮੇਤ ਨਾਮਜ਼ਦਗੀਆਂ/ ਅਰਜ਼ੀਆਂ ਸਿਰਫ www.narishaktipuruskar.wcd.gov.in ‘ਤੇ ਹੀ ਦਿੱਤੀਆਂ ਜਾ ਸਕਦੀਆਂ ਹਨ।ਨਾਮਜ਼ਦਗੀਆ/ਅਰਜ਼ੀਆਂ ਭੇਜਣ ਦੀ ਆਖਰੀ ਤਰੀਕ 31 ਜਨਵਰੀ 2021 ਹੈ।ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।
Punjab Post Daily Online Newspaper & Print Media