ਕੇਸਰੀ ਨਿਸ਼ਾਨ ਤਾਂ ਗਣਤੰਤਰ ਦਿਵਸ ਸਮੇਂ ਸਿੱਖਾਂ ਦੀ ਝਾਕੀ ਵਿਚ ਵੀ ਝੂਲਦੇ ਹਨ, ਫਿਰ ਵਿਵਾਦ ਕਿਉਂ?
ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ
ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਜਾਣ ਬੁੱਝ ਕੇ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰ ਖਾਮੋਸ਼ ਬੈਠੀ ਹੈ।ਸਿੱਖ ਧਰਮ ਦੇ ਕੇਸਰੀ ਨਿਸ਼ਾਨ ਨੂੰ ਸਵਾਲਾਂ ਦੇ ਘੇਰੇ ਵਿਚ ਲੈਣਾ ਹਰਗਿਜ਼ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ’ਤੇ ਗਏ ਲੋਕਾਂ ਨੂੰ ਪੁਲਿਸ ਨੇ ਰਸਤਾ ਖ਼ੁਦ ਦਿੱਤਾ ਸੀ ਅਤੇ ਜੇਕਰ ਉਥੇ ਲੋਕਾਂ ਨੇ ਕੇਸਰੀ ਨਿਸ਼ਾਨ ਸਾਹਿਬ ਝੁਲਾ ਦਿੱਤਾ ਤਾਂ ਇਸ ਵਿਚ ਕੋਈ ਗੁਨਾਹ ਨਹੀਂ।ਇਹ ਕੇਸਰੀ ਨਿਸ਼ਾਨ ਲਾਲ ਕਿਲ੍ਹੇ ਤੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਦਿਹਾੜੇ ਅਤੇ ਦਿੱਲੀ ਫ਼ਤਹਿ ਦਿਵਸ ਮੌਕੇ ਅਕਸਰ ਝੂਲਦੇ ਹਨ।ਇਥੇ ਹੀ ਬਸ ਨਹੀਂ ਗਣਤੰਤਰ ਦਿਵਸ ਦੀ ਪ੍ਰੇਡ ਮੌਕੇ ਵੀ ਹਰ ਸਾਲ ਸਿੱਖ ਧਰਮ ਨਾਲ ਸਬੰਧਤ ਝਾਕੀ ਸਮੇਂ ਨਿਸ਼ਾਨ ਸਾਹਿਬ ਸ਼ਾਮਲ ਹੁੰਦਾ ਹੈ।ਇਸ ਵਾਰ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਝਾਕੀ ਪ੍ਰੇਡ ਦਾ ਹਿੱਸਾ ਸੀ।ਸਿੱਖ ਧਰਮ ਦਾ ਇਹ ਨਿਸ਼ਾਨ ਸ਼ਾਂਤੀ, ਸਾਂਝੀਵਾਲਤਾ, ਮਨੁੱਖੀ ਭਾਈਚਾਰੇ, ਮਾਨਵ ਹਮਦਰਦੀ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅੰਦਰ ਝੂਲਦੇ ਕੇਸਰੀ ਨਿਸ਼ਾਨ ਸਾਹਿਬ ਨੂੰ ਦੇਖ ਕੇ ਅਕਸਰ ਲੋੜਵੰਦ ਆਸਰਾ ਲੈਣ ਪੁੱਜਦੇ ਹਨ।ਪ੍ਰੰਤੂ ਦੁੱਖ ਦੀ ਗੱਲ ਹੈ ਕਿ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਝੁਲਾਉਣ ਦੇ ਮਾਮਲੇ ਨੂੰ ਹੀ ਕਿਸਾਨ ਸੰਘਰਸ਼ ਦੀ ਥਾਂ ਉਭਾਰਿਆ ਜਾ ਰਿਹਾ ਹੈ।ਸੱਚ ਤਾਂ ਇਹ ਹੈ ਕਿ ਉਥੇ ਰਾਸ਼ਟਰੀ ਝੰਡੇ ਦੇ ਸਤਿਕਾਰ ਨੂੰ ਬਹਾਲ ਰੱਖਦਿਆਂ ਹੀ ਨੌਜੁਆਨਾਂ ਨੇ ਕੇਸਰੀ ਨਿਸ਼ਾਨ ਸਾਹਿਬ ਅਤੇ ਕਿਸਾਨੀ ਝੰਡੇ ਲਹਿਰਾਏ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ ਅਤੇ ਜੋ ਸ਼ਕਤੀਆਂ ਜਾਣਬੁਝ ਕੇ ਕਿਸਾਨੀ ਸੰਘਰਸ਼ ਨੂੰ ਫਿਰਕੂ ਰੰਗ ਦੇ ਰਹੀਆਂ ਹਨ, ਉਨ੍ਹਾਂ ’ਤੇ ਨਕੇਲ ਕੱਸਣੀ ਅਤੇ ਪੁਲਿਸ ਨੂੰ ਹੱਦ ਅੰਦਰ ਰਹਿਣ ਦੀਆਂ ਹਦਾਇਤਾਂ ਦੇਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪੁਲਿਸ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਦਬਾਅ ਰਹੀ ਹੈ, ਜੋ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਸਾਨ ਆਗੂ ਰਕੇਸ਼ ਟਿਕੈਤ ਅਤੇ ਸੰਘਰਸ਼ੀ ਕਿਸਾਨਾਂ ਵਿਰੁੱਧ ਗਾਜੀਆਬਾਦ ਬਾਰਡਰ ਦੇ ਨਾਲ-ਨਾਲ ਸਿੰਘੂ ਬਾਰਡਰ ’ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮਨੋਭਾਵਨਾਵਾਂ ਸਮਝਣੀਆਂ ਚਾਹੀਦੀਆਂ ਹਨ ਅਤੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਕੁਲਵਿੰਦਰ ਸਿੰਘ ਰਮਦਾਸ, ਇੰਦਰਪਾਲ ਸਿੰਘ ਸਟੱਡੀ ਸਰਕਲ ਵਾਲੇ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦਾ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media