ਆਗੂਆਂ ਨੂੰ ਮਤਭੇਦ ਦੂਰ ਕਰਦਿਆਂ ਸਾਂਝੇ ਸੰਘਰਸ਼ ਕਰਨ ਦੀ ਦਿੱਤੀ ਸਲਾਹ
ਮਹਿਤਾ ਚੌਕ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜਿੰਨਾ ਸਮਾਂ ਵੀ ਕਿਸਾਨ ਸੰਘਰਸ਼ ਨੂੰ ਬੇਵਜ੍ਹਾ ਲਮਕਾਵਾਂਗੇ ਓਨਾ ਹੀ ਮਾਹੌਲ ਖ਼ਰਾਬ ਹੋ ਸਕਦਾ ਹੈ।ਉਨ੍ਹਾਂ ਕਿਸਾਨੀ ਘੋਲ ਦੌਰਾਨ ਗ੍ਰਿਫ਼ਤਾਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ `ਤੇ ਦਰਜ ਕੇਸ ਵਾਪਸ ਲੈਣ ਦੀ ਵੀ ਕਿਹਾ।
ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਠੋਸ ਨਤੀਜਿਆਂ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਆਪਸੀ ਮਤਭੇਦ ਭੁੱਲਾ ਕੇ ਇਕ ਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।ਉਨ੍ਹਾਂ ਜਥੇਬੰਦੀਆਂ ਨੂੰ ਕਿਹਾ ਕਿ ਇਹ ਸਮਾਂ ਇਕ ਦੂਜੇ ਪ੍ਰਤੀ ਦੂਸ਼ਣਬਾਜ਼ੀ ਦਾ ਨਹੀਂ ਹੈ।ਨਾਲ ਹੀ ਉਨ੍ਹਾਂ ਕਿਸਾਨਾਂ ਅਤੇ ਸੰਘਰਸ਼ਸ਼ੀਲ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਵੱਖ-ਵੱਖ ਰਾਹੇ ਤੁਰਨ ਦੀ ਥਾਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ `ਤੇ ਜਾਰੀ ਪ੍ਰੋਗਰਾਮਾਂ ਨੂੰ ਹੀ ਸਫਲ ਬਣਾਉਣ।ਉਨ੍ਹਾਂ ਕਿਹਾ ਕਿ ਲੋਕਤੰਤਰ ਮੁਤਾਬਿਕ ਚੱਲ ਰਹੇ ਕਿਸਾਨ ਸੰਘਰਸ਼ ਨੂੰ ਕਿਸੇ ਸਰਕਾਰੀ ਏਜੰਸੀ, ਪੁਲੀਸ ਜਾਂ ਕਿਸੇ ਵੀ ਗ਼ਲਤ ਤਰੀਕੇ ਨਾਲ ਖਦੇੜਣ ਜਾਂ ਹਲਕਾ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਸੰਤ ਸਮਾਜ ਨਾਲ ਸੰਬੰਧਿਤ ਸੰਤਾਂ ਮਹਾਂਪੁਰਖਾਂ ਨੂੰ ਕਿਹਾ ਕਿ ਇਹ ਕਿਸਾਨੀ ਅੰਦੋਲਨ ਕੌਮੀ ਲੜਾਈ ਹੈ, ਇਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵਹੀਰਾਂ ਘੱਤ ਕੇ ਦਿੱਲੀ ਪਹੁੰਚਣ।ਕੇਸਰੀ ਨਿਸ਼ਾਨ ਸਾਹਿਬ ਦੇ ਮਾਮਲੇ ਪ੍ਰਤੀ ਉਨ੍ਹਾਂ ਕਿਹਾ ਕਿ ਸਭ ਨੂੰ ਕੇਸਰੀ ਨਿਸ਼ਾਨ ਸਾਹਿਬ ਦਾ ਸਨਮਾਨ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ।ਇਸ ਮਾਮਲੇ ਨੂੰ ਬਿਨਾ ਵਜਾ ਤੂਲ ਨਹੀਂ ਦੇਣਾ ਚਾਹੀਦਾ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਸੇ ਕੇਸਰੀ ਨਿਸ਼ਾਨ ਸਾਹਿਬ ਦੇ ਹੇਠ ਹਿੰਦੁਸਤਾਨ ਦੀਆਂ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਕੱਟਿਆ ਗਿਆ।