ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੜਕੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ
ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਰਾਹੀਂ ਨੌਕਰੀ ਹਾਸਲ ਕਰਨ ਵਾਲੀ ਹਰੇਕ ਲੜਕੀ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਦੀਆਂ ਪ੍ਰਾਪਤੀਆਂ ਦਾ ਰੀਵਿਊ ਕਰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੜਕੀਆਂ ਕਿਸੇ ਵੀ ਪੱਖੋਂ ਘੱਟ ਨਹੀਂ ਹਨ ਅਤੇ ਅੱਜ ਹਰੇਕ ਖੇਤਰ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ, ਬਸ ਕੇਵਲ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਅਤੇ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੜਕੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਢੁਕਵੀਂ ਪਲੇਸਮੈਂਟ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।
ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਯਕੀਨ ਦਿਵਾਇਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media