ਕਿਹਾ ਰਾਜਨੀਤਿਕ ਪਾਰਟੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ
ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੇ ਚੋਣ ਆਬਜ਼ਰਵਰ ਨੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਵਿਨੈ ਬੁਬਲਾਨੀ, ਪੁਲਿਸ ਆਬਜਰਵਰ ਐਸ.ਕੇ ਕਾਲੀਆ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਤੀ ਉਪਲ ਵੀ ਮੌਜ਼ੂਦ ਸਨ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਚੋਣਾਂ ਦੌਰਾਨ ਰੀੜ ਦੀ ਹੱਡੀ ਹੁੰਦੇ ਹਨ ਅਤੇ ਚੋਣਾਂ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਉਨਾਂ ਦੇ ਮੋਢਿਆਂ ’ਤੇ ਵੱਡੀ ਜਿੰਮੇਵਾਰੀ ਹੁੰਦੀ ਹੈ।
ਆਬਜ਼ਰਵਰਾਂ ਨੇ ਕਿਹਾ ਕਿ ਚੋਣ ਅਮਲੇ ਦੀ ਸਿਖਲਾਈ ਤੋਂ ਲੈ ਕੇ ਵੋਟਾਂ ਵਾਲੇ ਦਿਨ ਲਈ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਨਾਲ ਕਰ ਲੈਣਾ ਚਾਹੀਦਾ ਹੈ।ਜਨਰਲ ਆਬਜ਼ਰਵਰ ਨੇ ਅੱਗੇ ਕਿਹਾ ਕਿ ਮਾਡਲ ਕੋਡ ਆਫ਼ ਕੰਡਕਟ ਪੂਰੀ ਤਨਦੇਹੀ ਨਾਲ ਲਾਗੂ ਕਰਨਾ ਚਾਹੀਦਾ ਹੈ, ਕਿਉਂਕਿ ਇਹ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦਾ ਅਧਾਰ ਹੁੰਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ 96 ਪੋਲਿੰਗ ਬੂਥਾਂ ਦਾ ਨਿੱਜੀ ਦੌਰਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਜਿਥੇ 62 ਵਾਰਡਾਂ ਲਈ ਚੋਣ ਹੋਣ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਵਿਸ਼ਵਾਸ ਬਣਾਈ ਰੱਖਣ ਲਈ ਸਾਰੇ 46 ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਦੀਪਤੀ ਉਪਲ ਅਤੇ ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਵਲੋਂ ਆਬਜ਼ਰਵਰ ਸਾਹਿਬਾਨਾਂ ਨੂੰ ਭਰੋਸਾ ਦੁਆਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪਾਬੰਦ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਫ਼ਸਰਾਂ ਨੂੰ ਕਿਹਾ ਕਿ ਉਨਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪਸ ਵਿੱਚ ਮੀਟਿੰਗਾਂ ਕਰ ਲਈਆਂ ਜਾਣ।ਉਨ੍ਹਾਂ ਵਲੋਂ ਆਬਜ਼ਰਵਰ ਸਾਹਿਬਾਨਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਠਾਏ ਜਾਣ ਵਾਲੇ ਕਦਮਾਂ ਬਾਰੇ ਜਾਣੂੰ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਨੂੰ ਪ੍ਰਾਪਤ ਕਰਨ ਅਤੇ ਇਨਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ਼ਿਕਾਇਤ ਸੈਲ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ।
ਦੋਵਾਂ ਚੋਣ ਆਬਜ਼ਰਵਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਉਨਾਂ ਨੂੰ ਆਦਰਸ਼ ਚੋਣ ਜਾਬਤੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਸੁਣੇ ਗਏ ਅਤੇ ਡਿਪਟੀ ਕਮਿਸ਼ਨਰ ਨੂੰ ਇਨਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ ਗਿਆ।ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੀਆਂ ਸ਼ਿਕਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਨੁੂੰ ਲਿਖਤ ਵਿੱਚ ਦੇਣ ਲਈ ਕਿਹਾ ਗਿਆ ਤਾਂ ਜੋ ਇਨਾ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।
ਜ਼ਿਕਰ ਯੋਗ ਹੈ ਕਿ ਨਗਰ ਨਿਗਮ ਫ਼ਗਵਾੜਾ ਵਿਖੇ 49 ਵਾਰਡ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ 13 ਵਾਰਡ ਹਨ।ਜਿਨਾਂ ਵਿੱਚ 93245 ਵੋਟਰ ਜਿਸ ਵਿੱਚ 48232 ਪੁਰਸ਼ ਅਤੇ 44996 ਮਹਿਲਾ ਵੋਟਰ ਹਨ ਜਿਨਾਂ ਵਲੋਂ ਦੋਵਾਂ ਚੋਣਾਂ ਦੌਰਾਨ 238 ਉਮੀਦਵਾਰਾਂ ਦੀ ਕਿਸਮ ਦਾ ਫ਼ੈਸਲਾ ਕੀਤਾ ਜਾਣਾ ਹੈ।ਦੋਵਾਂ ਚੋਣਾਂ ਦੌਰਾਨ 96 ਪੋਲਿੰਗ ਬੂਥ ਹਨ ਜਿਨਾਂ ਵਿੱਚ 46 ਸੰਵੇਦਨਸ਼ੀਲ ਅਤੇ 50 ਗੈਰ ਸੰਵੇਦਨਸ਼ੀਲ ਬੂਥ ਸ਼ਾਮਿਲ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਪੀ ਜਸਵੀਰ ਸਿੰਘ, ਉਪ ਮੰਡਲ ਮੈਜਿਸਟਰੇਟ ਵਰਿੰਦਰ ਸਿੰਘ ਬਾਜਵਾ ਅਤੇ ਹੋਰ ਵੀ ਹਾਜ਼ਰ ਸਨ।