ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ
ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ (ਗੁਰਦਾਸਪੁਰ) ਵਿਖੇ ਕੀਤੇ ਜਾਣਗੇ। 19 ਤੋਂ 21 ਫ਼ਰਵਰੀ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਦੇਣ ਦਾ ਫੈਸਲਾ ਕੀਤਾ ਹੈ।ਇਸ ਸਬੰਧ ਵਿਚ ਆਉਣ ਵਾਲਾ ਸਾਰਾ ਖ਼ਰਚਾ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਭਾਰਤ ਸਰਕਾਰ ਨੂੰ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ।ਸੁਪਰੀਮ ਕੋਰਟ ਵੱਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ।ਹਰ ਪੇਸ਼ੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਮੱਦਦ ਲਈ ਵਚਨਬੱਧ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਅਧੀਨ ਆਉਂਦੇ ਕਈ ਗੁਰਦੁਆਰਿਆਂ ਜਿਨ੍ਹਾਂ ਦੀ ਆਮਦਨ ਸਾਲਾਨਾ 35 ਲੱਖ ਤੋਂ ਜ਼ਿਆਦਾ ਹੈ, ਨੂੰ ਸੈਕਸ਼ਨ-85 ਅਧੀਨ ਸਿੱਧੇ ਪ੍ਰਬੰਧ ਲਈ ਭਾਰਤ ਸਰਕਾਰ ਪਾਸ ਕੇਸ ਭੇਜਿਆ ਗਿਆ ਹੈ, ਪ੍ਰੰਤੂ ਅਜੇ ਤੀਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਇਹ ਗੁਰਦੁਆਰਾ ਸਾਹਿਬ ਸੈਕਸ਼ਨ-85 ਅਧੀਨ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਦੇ ਅਕਾਲ ਚਲਾਣਾ ਸਬੰਧੀ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰਖਾਂ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।