ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਗੀ ਜਥਿਆਂ ਨਾਲ ਸ਼ਤਾਬਦੀਆਂ ਸਬੰਧੀ
ਵਿਚਾਰ ਵਟਾਂਦਰਾ ਕੀਤਾ ਅਤੇ ਰਾਗੀ ਜਥਿਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਉਨਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।ਇਨ੍ਹਾਂ ਸਮਾਗਮਾਂ ਸਮੇਂ ਰਾਗੀ ਜਥਿਆਂ ਦੀਆਂ ਸੇਵਾਵਾਂ ਅਹਿਮ ਹਨ।ਸ੍ਰੀ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਬਾਬਾ ਬਕਾਲਾ ਸਾਹਿਬ, ਧਮਧਾਨ ਸਾਹਿਬ ਸਮੇਤ ਦੇਸ਼ ਅੰਦਰ ਕਈ ਥਾਵਾਂ ’ਤੇ ਗੁਰਮਤਿ ਸਮਾਗਮ ਹੋਣਗੇ।ਇਸ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ।ਸਾਰੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ।ਉਨ੍ਹਾਂ ਕਿਹਾ ਕਿ ਸੰਗਤ ਉੱਪਰ ਗੁਰਬਾਣੀ ਕੀਰਤਨ ਦਾ ਪ੍ਰਭਾਵ ਅਮਿੱਟ ਹੈ, ਇਸ ਲਈ ਸ਼ਤਾਬਦੀਆਂ ਦੌਰਾਨ ਰਾਗੀ ਜਥਿਆਂ ਨੂੰ ਵੱਖ-ਵੱਖ ਥਾਵਾਂ ’ਤੇ ਭੇਜਿਆ ਜਾਵੇਗਾ।ਇਸੇ ਦੌਰਾਨ ਰਾਗੀ ਜਥਿਆਂ ਨੇ ਸ਼ਤਾਬਦੀਆਂ ਦੌਰਾਨ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਆਪਣੀਆਂ ਮੰਗਾਂ ’ਤੇ ਗੌਰ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਰਨੈਲ ਸਿੰਘ ਡੋਗਰਾਂਵਾਲਾ, ਮੈਨੇਜਰ ਮੁਖਤਾਰ ਸਿੰਘ ਚੀਮਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਉਂਕਾਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਜਗਤਾਰ ਸਿੰਘ, ਭਾਈ ਸਤਿੰਦਰਬੀਰ ਸਿੰਘ ਅਤੇ ਹੋਰ ਰਾਗੀ ਸਿੰਘ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media