Saturday, July 5, 2025
Breaking News

ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਬੂਥਾਂ ਲਈ ਰਵਾਨਾ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਲਈ ਭਲਕੇ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੇ ਕੰਮ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਸਿਰੇ ਚੜ੍ਹਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਆਪੋ-ਆਪਣੇ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਚੋਣਾਂ ਵਾਲੀਆਂ ਤਿੰਨਾਂ ਨਗਰ ਕੌਂਸਲਾਂ ਦੇ ਕੁੱਲ 47 ਵਾਰਡਾਂ ਲਈ 65 ਪੋਲਿੰਗ ਬੂਥ ਬਣਾਏ ਗਏ ਹਨ।ਨਗਰ ਕੌਂਸਲ ਨਵਾਂਸ਼ਹਿਰ ਦੇ 19 ਵਾਰਡਾਂ ਲਈ 37 ਪੋਲਿੰਗ ਬੂਥ ਬਣਾਏ ਗਏ ਹਨ।ਇਸੇ ਤਰ੍ਹਾਂ ਬੰਗਾ ਨਗਰ ਕੌਂਸਲ ਦੇ 15 ਵਾਰਡਾਂ ਲਈ 15 ਬੂਥ ਅਤੇ ਰਾਹੋਂ ਦੇ 13 ਵਾਰਡਾਂ ਲਈ 13 ਬੂਥ ਸਥਾਪਿਤ ਕੀਤੇ ਗਏ।ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਦੀਆਂ ਹਨ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।ਉਨ੍ਹਾਂ ਸਬੰਧਤ ਨਗਰ ਕੌਂਸਲਾਂ ਦੇ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।ਐਸ.ਐਸ.ਪੀ ਅਲਕਾ ਮੀਨਾ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਬੂਥਾਂ ’ਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਭੈੜੇ ਅਨਸਰਾਂ ਨਾਲ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਪੂਰਾ ਕਰਨ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …